ਅੱਤਵਾਦੀ ਇਕ ਵਾਰ ਫਿਰ ਜੰਮੂ-ਕਸ਼ਮੀਰ 'ਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ, ਜਿਨ੍ਹਾਂ ਦੇ ਮਨਸੂਬਿਆਂ ਨੂੰ ਸੁਰੱਖਿਆ ਕਰਮਚਾਰੀ ਨਾਕਾਮ ਕਰ ਰਹੇ ਹਨ। ਕਠੂਆ ਦੇ ਹੀਰਾਨਗਰ ਸੈਕਟਰ 'ਚ ਸੁਰੱਖਿਆ ਬਲ ਪੂਰੀ ਤਰ੍ਹਾਂ ਤਿਆਰ ਹਨ। ਪਿੰਡ ਵਾਸੀਆਂ ਨੇ ਸੂਚਨਾ ਦਿੱਤੀ ਸੀ ਕਿ ਕੁਝ ਅੱਤਵਾਦੀ ਪਿੰਡ 'ਚ ਦਾਖਲ ਹੋਏ ਹਨ ਅਤੇ ਉਨ੍ਹਾਂ ਨੇ ਗੋਲੀਬਾਰੀ ਦੀ ਆਵਾਜ਼ ਸੁਣੀ। ਸੂਚਨਾ ਤੋਂ ਬਾਅਦ ਸੁਰੱਖਿਆ ਬਲ ਮੌਕੇ 'ਤੇ ਪਹੁੰਚੇ ਅਤੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਪੂਰੇ ਇਲਾਕੇ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ। ਮੁੱਠਭੇੜ ਦੌਰਾਨ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਨਾਗਰਿਕ ਨੂੰ ਵੀ ਗੋਲੀ ਲੱਗੀ ਹੈ। ਇਸ ਤੋਂ ਬਾਅਦ ਅੱਤਵਾਦੀਆਂ ਨੇ ਡੋਡਾ ਇਲਾਕੇ 'ਚ ਵੀ ਆਪਣਾ ਖਤਰਾ ਦਿਖਾਇਆ ਹੈ, ਜਿੱਥੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।
ਡੋਡਾ 'ਚ ਅੱਤਵਾਦੀਆਂ ਨੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ। ਅੱਤਵਾਦੀਆਂ ਨੇ ਪਿਛਲੇ 48 ਘੰਟਿਆਂ 'ਚ ਤੀਜੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਡੋਡਾ ਦੇ ਛੱਤਰਗੱਲਾ 'ਚ ਪੁਲਸ ਨਾਕੇ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਅਤੇ ਚੌਕੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਅੱਤਵਾਦੀ ਹਨੇਰੇ ਦਾ ਫਾਇਦਾ ਉਠਾ ਕੇ ਲੁਕ ਗਏ। ਉਨ੍ਹਾਂ ਦੀ ਭਾਲ ਵੀ ਜਾਰੀ ਹੈ। ਅੱਤਵਾਦੀਆਂ ਦੀ ਗੋਲੀਬਾਰੀ 'ਚ 6 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਹਨ। ਸੂਤਰਾਂ ਮੁਤਾਬਕ ਭਦਰਵਾਹ ਸਥਿਤ ਰਾਸ਼ਟਰੀ ਰਾਈਫਲਜ਼ ਯੂਨਿਟ ਦੇ ਪੰਜ ਜਵਾਨ ਅਤੇ ਇਕ ਐੱਸਪੀਓ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਐਸਡੀਐਚ ਭੱਦਰਵਾਹ ਲਿਆਂਦਾ ਗਿਆ ਹੈ।