ਦਿੱਲੀ (ਦੇਵ ਇੰਦਰਜੀਤ) : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸੁਪਰੀਮ ਕੋਰਟ ਦੀ ਟਿਪਣੀ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਜਾਂ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ।
ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨਾਂ ਦੇ ਸਭ ਤੋਂ ਪ੍ਰਮੁੱਖ ਚਿਹਰਿਆਂ ’ਚੋਂ ਇਕ ਰਾਕੇਸ਼ ਟਿਕੈਤ ਨੇ ਪ੍ਰਦੂਸ਼ਣ ਸੰਕਟ ਲਈ ਕਿਸਾਨ ਭਾਈਚਾਰੇ ਨੂੰ ਜ਼ਿੰਮੇਵਾਰ ਠਹਿਰਾਉਣ ਵਾਲਿਆਂ ਤੋਂ ਮੁਆਫ਼ੀਨਾਮੇ ਦੀ ਵੀ ਮੰਗ ਕੀਤੀ।
ਟਿਕੈਤ ਨੇ ਹਿੰਦੀ ’ਚ ਟਵੀਟ ਕੀਤਾ ਕਿ ਪਰਾਲੀ ਸਾੜਨ ਤੋਂ ਹੋਣ ਵਾਲੇ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਖਲਨਾਇਕ ਦੱਸਣ ਵਾਲਿਆਂ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਵੀ ਕਿਹਾ ਸੀ ਕਿ ਕਿਸਾਨਾਂ ਨੂੰ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣਾ ਸਹੀ ਨਹੀਂ ਹੈ, ਕਿਉਂਕਿ ਸਿਰਫ਼ 10 ਫ਼ੀਸਦੀ ਪ੍ਰਦੂਸ਼ਣ ਹੀ ਪਰਾਲੀ ਨਾਲ ਹੁੰਦਾ ਹੈ ਅਤੇ ਉਹ ਵੀ ਡੇਢ ਤੋਂ 2 ਮਹੀਨੇ।
ਟਿਕੈਤ ਦਾ ਬੀ. ਕੇ. ਯੂ., ਕਿਸਾਨ ਮੋਰਚੇ ਦਾ ਹਿੱਸਾ ਹੈ, ਜੋ ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ। ਕਿਸਾਨ ਮੋਰਚਾ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ ਗਰੰਟੀ ਦੀ ਮੰਗ ਕਰ ਰਿਹਾ ਹੈ।
ਦੱਸਣਯੋਗ ਹੈ ਕਿ ਉੱਤਰ ਭਾਰਤ ਦੇ ਕੁਝ ਹਿੱਸਿਆਂ ਖਾਸ ਕਰ ਕੇ ਦਿੱਲੀ-ਐੱਨ. ਸੀ. ਆਰ. ਵਿਚ ਹਵਾ ਦੀ ਗੁਣਵੱਤਾ ਉਸ ਪੱਧਰ ਤੱਕ ਡਿੱਗ ਗਈ ਹੈ, ਜੋ ਮਨੁੱਖੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ। ਹਵਾ ਪ੍ਰਦੂਸ਼ਣ ’ਚ ਗਿਰਾਵਟ ਲਈ ਪਰਾਲੀ ਸਾੜਨ, ਉਦਯੋਗਿਕ ਅਤੇ ਵਾਹਨਾਂ ਤੋਂ ਨਿਕਲਣ ਵਾਲੇ ਧੂੰਏਂ ਅਤੇ ਪਟਾਕਿਆਂ ਵਰਗੇ ਹੋਰ ਕਾਰਕਾਂ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ।