ਚੰਡੀਗੜ੍ਹ (ਸਰਬ): ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨੂੰ ਫ਼ਰੀਦਕੋਟ ਦੀ ਟਰਾਇਲ ਅਦਾਲਤ ਤੋਂ ਚੰਡੀਗੜ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਅਰਜ਼ੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਹਾਈਕੋਰਟ ਨੇ ਇਹ ਫ਼ੈਸਲਾ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਅਤੇ ਇਸ ਮਾਮਲੇ ਦੇ ਦੋਸ਼ੀ ਚਰਨਜੀਤ ਸ਼ਰਮਾ ਦੀ ਅਰਜ਼ੀ ਦਾ ਨਿਪਟਾਰਾ ਕਰਦਿਆਂ ਸੁਣਾਇਆ ਹੈ। ਇਸ ਮਾਮਲੇ ਵਿੱਚ ਚਰਨਜੀਤ ਸ਼ਰਮਾ ਤੋਂ ਇਲਾਵਾ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਆਈ.ਜੀ.ਪਰਮਰਾਜ ਸਿੰਘ ਉਮਰਾਨੰਗਲ ਵੀ ਸਹਿ-ਦੋਸ਼ੀ ਹਨ। ਚਰਨਜੀਤ ਸ਼ਰਮਾ ਨੇ 2019 ਵਿੱਚ ਆਪਣੀ ਸੁਰੱਖ਼ਿਆ ਦਾ ਹਵਾਲਾ ਦਿੰਦੇ ਹੋਏ ਇਹ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਲਈ ਅਰਜ਼ੀ ਦਾਇਰ ਕੀਤੀ ਸੀ।
ਜ਼ਿਕਰਯੋਗ ਹੈ ਕਿ ਸਾਲ 2015 ਦੇ ਬਰਗਾੜੀ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਚੋਰੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਬੇਅਦਬੀ ਕੀਤੇ ਜਾਣ ਤੋਂ ਬਾਅਦ ਬਹਿਬਲ ਕਲਾਂ ਵਿੱਚ ਰੋਸ ਪ੍ਰਗਟ ਕਰ ਰਹੀਆਂ ਸ਼ਾਂਤਮਈ ਸੰਗਤਾਂ ’ਤੇ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਦੋ ਸਿੰਘ ਸ਼ਹੀਦ ਹੋ ਗਏ ਸਨ। ਇਸ ਬਾਰੇ ਕੇਸ ਫ਼ਰੀਦਕੋਟ ਦੀ ਅਦਾਲਤ ਵਿੱਚ ਚੱਲ ਰਿਹਾ ਸੀ ਪਰ ਹੁਣ ਹਾਈਕੋਰਟ ਨੇ ਇਹ ਮਾਮਲਾ ਚੰਡੀਗੜ੍ਹ ਦੀ ਅਦਾਲਤ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਰਵਰੀ 2023 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਚੋਰੀ ਅਤੇ ਬੇਅਦਬੀ ਸੰਬੰਧੀ ਤਿੰਨ ਮਾਮਲੇ ਫ਼ਰੀਦਕੋਟ ਦੀ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ ਸਨ ਅਤੇ ਹੁਣ ਇਹ ਮਾਮਲੇ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੇ ਹਨ।
ਇਸ ਫ਼ੈਸਲੇ ’ਤੇ ਟਿੱਪਣੀ ਕਰਦਿਆਂ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੇ ਇੱਕ ਸ਼ਹੀਦ ਸ: ਹਰਕ੍ਰਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖ਼ਰਾਜ ਸਿੰਘ ਨੇ ਕਿਹਾ ਹੈ ਕਿ ਕਿਸੇ ਦੋਸ਼ੀ ਦੀ ਅਰਜ਼ੀ ’ਤੇ ਕੇਸ ਨੂੰ ਪੰਜਾਬ ਤੋਂ ਚੰਡੀਗੜ੍ਹ ਵਿੱਚ ਤਬਦੀਲ ਕਰਨਾ ਕਿਸੇ ਵੀ ਤਰ੍ਹਾਂ ਨਿਆਂਪੂਰਨ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਇਨਸਾਫ਼ ਦੇਣ ਦਾ ਦਮ ਭਰਦੀਆਂ ਸਰਕਾਰਾਂ ਇਸ ਕੇਸ ਨੂੰ ਪੰਜਾਬ ਵਿੱਚੋਂ ਬਾਹਰ ਜਾਣੋਂ ਰੋਕਣ ਵਿੱਚ ਨਾਕਾਮ ਰਹੀਆਂ ਹਨ।