ਪੱਤਰ ਪ੍ਰੇਰਕ : ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਬਣਾਈ ਜਾ ਰਹੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਅਤੇ ਉਨ੍ਹਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਲਈ ਉਕਸਾਉਣ ਦੀ ਯੋਜਨਾ ਵਿੱਚ ਵੀ ਸ਼ਾਮਲ ਸਨ। ਪੁਲਿਸ ਨੇ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਕਾਊਂਟਰ ਇੰਟੈਲੀਜੈਂਸ ਨੇ ਬੱਬਰ ਖਾਲਸਾ ਦੇ ਦੋਵੇਂ ਅੱਤਵਾਦੀਆਂ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਇੱਕ ਖੁਫੀਆ ਆਪ੍ਰੇਸ਼ਨ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਹਿਯੋਗੀ ਅੱਤਵਾਦੀ ਮਾਡਿਊਲ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਗਿਆ ਹੈ। ਇਸ ਮੋਡਿਊਲ ਨੂੰ ਅਮਰੀਕਾ ਸਥਿਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਅਨ, ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਾਥੀ ਅਤੇ ਉਸ ਦੇ ਸਾਥੀ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵੱਲੋਂ ਅਰਮੀਨੀਆ ਵਿੱਚ ਚਲਾਇਆ ਜਾ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਪਾਸੀਆਂ, ਰਿੰਦਾ ਅਤੇ ਸ਼ਮਸ਼ੇਰ ਮਿਲ ਕੇ ਸੂਬੇ ਦੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਲਈ ਉਕਸਾਉਂਦੇ ਹੋਏ ਕੱਟੜਪੰਥੀ ਬਣਾ ਰਹੇ ਸਨ।
ਡੀਜੀਪੀ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਕੋਲੋਂ 2 ਪਿਸਤੌਲ, 4 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਯੂਏਪੀਏ ਅਤੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਦੇ ਸੁਪਨੇ ਅਨੁਸਾਰ ਪੰਜਾਬ ਵਿੱਚ ਸੰਗਠਿਤ ਅਪਰਾਧ ਨੂੰ ਨਸ਼ਟ ਕਰਨ ਲਈ ਵਚਨਬੱਧ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਿਸੇ ਵੱਡੇ ਨੇਤਾ ਨੂੰ ਨਿਸ਼ਾਨਾ ਬਣਾਉਣ ਲਈ ਪੰਜਾਬ ਆਏ ਸਨ। ਫਿਲਹਾਲ ਜਲੰਧਰ ਕਾਊਂਟਰ ਇੰਟੈਲੀਜੈਂਸ ਪੁਲਸ ਨੇ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ। ਜਲਦ ਹੀ ਪੁਲਸ ਦੋਵਾਂ ਅੱਤਵਾਦੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ।