23 ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਪੱਕੇ ਧਰਨੇ ਦਾ ਐਲਾਨ

by jaskamal

ਨਿਊਜ਼ ਡੈਸਕ : ਸੰਯੁਕਤ ਕਿਸਾਨ ਮੋਰਚਾ ਪੰਜਾਬ 'ਚ ਸ਼ਾਮਲ ਜਥੇਬੰਦੀਆਂ ਨੇ ਆਨਲਾਈਨ ਮੀਟਿੰਗ ਕਰ ਕੇ 17 ਮਈ ਨੂੰ ਲਗਾਉਣ ਵਾਲੇ ਧਰਨੇ ਦੀ ਤਿਆਰੀ ਦਾ ਜਾਇਜ਼ਾ ਲਿਆ। ਵੱਡੀ ਗਿਣਤੀ 'ਚ ਕਿਸਾਨ ਟਰੈਕਟਰ ਟਰਾਲੀਆਂ ਤੇ ਚੰਡੀਗੜ੍ਹ ਨੂੰ ਚਾਲੇ ਪਾਉਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਨਹੀਂ ਕਰ ਰਹੀ। ਬਿਜਲੀ ਪਾਣੀ ਜੋ ਹੁਣ ਕੇਂਦਰ ਦੇ ਹੱਥ ਚਲੀ ਗਈ ਹੈ ਤੇ ਪੰਜਾਬ ਦੇ ਦਰਿਆਵਾਂ 'ਚ ਪਾਣੀ ਛੱਡਣ ਦੇ ਫ਼ੈਸਲੇ ਵੀ ਹੁਣ ਕੇਂਦਰ ਲਵੇਗਾ ਅਤੇ ਭਾਖੜਾ ਡੈਮ ਤੋਂ ਜੋ ਪੰਜਾਬ ਨੂੰ ਸਸਤੀ ਬਿਜਲੀ ਮਿਲਦੀ ਸੀ, ਚਾਲੀ ਪੈਸੇ ਯੂਨਿਟ ਉਹ ਵੀ ਹੁਣ ਵਪਾਰਕ ਰੇਟਾਂ 'ਤੇ ਮਿਲੇਗੀ।

ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ, ਜਿਸ 'ਚ ਕਿਸਾਨਾਂ ਨੂੰ ਬੋਨਸ ਦੇਣ ਦਾ ਵਾਅਦਾ ਕੀਤਾ ਪਰ ਹਾਲੇ ਤਕ ਬੋਨਸ ਦੇਣ ਦਾ ਐਲਾਨ ਨਹੀਂ ਕੀਤਾ। ਚਿੱਪ ਵਾਲੇ ਮੀਟਰ ਰੋਕਣ ਦਾ ਫ਼ੈਸਲਾ ਰੱਦ ਕਰਨ ਦੀ ਕਿਸਾਨਾਂ ਦੀ ਮੰਗ ਹਾਲੇ ਜਿਉਂ ਦੀ ਤਿਉਂ ਖੜ੍ਹੀ ਹੈ। ਮੱਕੀ ਮੂੰਗੀ ਦੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ MSP 'ਤੇ ਖ਼ਰੀਦ ਕੀਤੀ ਜਾਵੇਗੀ ਪਰ ਹਾਲੇ ਤੱਕ ਦਾ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।ਕਿਸਾਨਾਂ ਦੇ ਗੰਨੇ ਦਾ ਬਕਾਇਆ ਵੀ ਹਾਲੇ ਤੱਕ ਮਿੱਲਾਂ ਵੱਲ ਖੜ੍ਹਾ ਹੈ। ਚੋਣਾਂ ਵੇਲੇ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਪਰ 22 ਹਜ਼ਾਰ ਕਿਸਾਨਾਂ ਦੇ ਖਾਲੀ ਚੈੱਕ ਲਾ ਕੇ ਬੈਂਕਾਂ ਵਾਲੇ ਫੌਜ਼ਦਾਰੀ ਕੇਸ ਕਰ ਕੇ ਕਿਸਾਨਾਂ ਨੂੰ ਜੇਲ੍ਹਾਂ 'ਚ ਭੇਜ ਰਹੇ ਹਨ।