ਕਰੀਬ 10 ਸਾਲਾਂ ਬਾਅਦ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਪ੍ਰਿੰਸੀਪਲ ਤੋਂ ਡੀਈਓ ਅਤੇ ਸਹਾਇਕ ਡਾਇਰੈਕਟਰ ਦੇ ਅਹੁਦੇ ’ਤੇ ਤਰੱਕੀ ਹੋਣ ਲਈ ਅੱਜ ਡੀ.ਪੀ.ਸੀ. ਹੋਈ ਹੈ। ਇਸ ਦੌਰਾਨ ਕਮੇਟੀ ਨੇ 44 ਪ੍ਰਿੰਸੀਪਲਾਂ ਨੂੰ ਡੀਈਓ ਅਤੇ 13 ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ। ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕੇ.ਕੇ.ਯਾਦਵ ਨੇ ਕੀਤੀ।
ਕਮੇਟੀ ਵੱਲੋਂ ਤਰੱਕੀ ਲਈ ਜਿਨ੍ਹਾਂ ਨਾਵਾਂ ‘ਤੇ ਸਹਿਮਤੀ ਬਣੀ ਸੀ। ਉਨ੍ਹਾਂ ਨਾਵਾਂ ਨੂੰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਵਾਨਗੀ ਦੇ ਦਿੱਤੀ ਹੈ। ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਭਾਗ ਦੇ ਹਰ ਪੱਧਰ ’ਤੇ ਯੋਗ ਕਰਮਚਾਰੀਆਂ ਦੀਆਂ ਤਰੱਕੀਆਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਈ ਕਦਮ ਚੁੱਕੇ ਹਨ। ਪਹਿਲੇ ਪੜਾਅ ਵਿੱਚ ਸਕੂਲਾਂ ਦੀ ਬਜਾਏ ਦਫ਼ਤਰਾਂ ਵਿੱਚ ਡਿਊਟੀ ਨਿਭਾ ਰਹੇ ਅਧਿਆਪਕਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਹੁਣ ਸਕੂਲਾਂ ਦੇ ਨਤੀਜਿਆਂ ਨੂੰ ਸੁਧਾਰਨ ਲਈ ਮਾਰਚ ਮਹੀਨੇ ਤੱਕ ਛੁੱਟੀਆਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਅਧਿਆਪਕਾਂ ਨੂੰ ਜ਼ਰੂਰੀ ਕੰਮ ਲਈ ਹੀ ਛੁੱਟੀ ਦਿੱਤੀ ਜਾ ਰਹੀ ਹੈ।ਵਿਭਾਗ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਹੁਣ ਸਕੂਲਾਂ ਵਿੱਚ ਅਧਿਆਪਕਾਂ ਦੇ ਨਾਲ-ਨਾਲ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਮਾਰਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੈਮਰੇ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬੱਸ ਸੇਵਾ ਵੀ ਸ਼ੁਰੂ ਕਰ ਦਿੱਤੀ ਗਈ ਹੈ।