ਨਿਊਜ਼ ਡੈਸਕ (ਜਸਕਮਲ) : ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ 'ਚ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਦਾ ਹਰ ਤਰ੍ਹਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਭਾਜਪਾ ਨੇ "ਮਹਿਨਤ ਦਾ ਪੱਕਾ ਮੁੱਲ" ਦਾ ਵੀ ਵਾਅਦਾ ਕੀਤਾ ਹੈ, ਜਿਸ ਦੇ ਤਹਿਤ ਕੇਂਦਰ ਸਰਕਾਰ ਦੇ ਐੱਮਐੱਸਪੀ ਐਕਸਟੈਂਸ਼ਨ ਪ੍ਰੋਗਰਾਮ ਦੇ ਹਿੱਸੇ ਵਜੋਂ ਫਲਾਂ, ਸਬਜ਼ੀਆਂ, ਦਾਲਾਂ ਤੇ ਤੇਲ ਬੀਜ ਉਗਾਉਣ ਵਾਲੇ ਕਿਸਾਨਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਦਿੱਤੀ ਜਾਵੇਗੀ। ਫਸਲੀ ਵਿਭਿੰਨਤਾ ਨੂੰ ਕਾਇਮ ਰੱਖਣ ਅਤੇ ਇਸ ਨੂੰ ਹੋਰ ਲਾਭਦਾਇਕ ਬਣਾਉਣ ਲਈ ਗਠਜੋੜ ਨੇ ਖੇਤੀਬਾੜੀ ਲਈ 5,000 ਕਰੋੜ ਰੁਪਏ ਦੇ ਸਮਰਪਿਤ ਸਾਲਾਨਾ ਬਜਟ ਦਾ ਵਾਅਦਾ ਕੀਤਾ।
ਇੱਥੇ ਚੋਣ ਮਨੋਰਥ ਪੱਤਰ ਜਾਰੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਸ਼੍ਰੋਮਣੀ ਅਕਾਲੀ ਦਲ-ਸੰਯੁਕਤ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਭਵਿੱਖਮੁਖੀ ਪੰਜਾਬ 'ਚ ਪੇਂਡੂ ਅਤੇ ਖੇਤੀਬਾੜੀ ਆਰਥਿਕਤਾ ਵਿਚ ਕ੍ਰਾਂਤੀ ਲਿਆਉਣ ਲਈ ਚੋਣ ਮਨੋਰਥ ਪੱਤਰ ਹੈ।
ਗਠਜੋੜ ਨੇ ਵਾਅਦਾ ਕੀਤਾ ਕਿ ਸੂਬੇ 'ਚ ਇੱਕ ਲੱਖ ਏਕੜ ਸ਼ਾਮਲਾਤ ਜ਼ਮੀਨ ਪੇਂਡੂ ਬੇਜ਼ਮੀਨੇ ਕਿਸਾਨਾਂ ਨੂੰ ਖੇਤੀ ਲਈ ਅਲਾਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਹਰੇਕ ਬੇਜ਼ਮੀਨੇ ਕਿਸਾਨ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਤਹਿਤ 6,000 ਰੁਪਏ ਦੀ ਸਾਲਾਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸਸਟੇਨੇਬਲ ਹਰੀ ਕ੍ਰਾਂਤੀ' ਲਈ, ਮੈਨੀਫੈਸਟੋ ਨੇ ਰਾਜ 'ਚ ਟਿਕਾਊ ਖੇਤੀਬਾੜੀ ਤੇ ਜੈਵਿਕ ਖੇਤੀ ਨੂੰ ਸਮਰਥਨ ਦੇਣ ਲਈ 5,000 ਕਰੋੜ ਰੁਪਏ ਦੇ ਸਾਲਾਨਾ ਬਜਟ ਦਾ ਵਾਅਦਾ ਕੀਤਾ ਹੈ।
ਪੰਜਾਬ ਦੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਵਿਸ਼ੇਸ਼ ਜ਼ੋਰ ਦੇਣ ਲਈ ਮੁਫਤ ਰੇਨ ਵਾਟਰ ਹਾਰਵੈਸਟਿੰਗ ਯੂਨਿਟ ਲਗਾਏ ਜਾਣਗੇ। ਬਦਲਵੇਂ ਸਵੈਚਾਲਿਤ ਤੇ ਸਮਾਰਟ ਸਿੰਚਾਈ ਪ੍ਰਣਾਲੀਆਂ ਲਈ ਸਬਸਿਡੀ ਦਿੱਤੀ ਜਾਵੇਗੀ, ਜਿਸ ਨਾਲ ਪਾਣੀ ਦੀ ਸੰਭਾਲ ਵਿੱਚ ਮਦਦ ਮਿਲੇਗੀ। ਸਿੰਚਾਈ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੀ ਜਾਂਚ ਕਰਵਾਈ ਜਾਵੇਗੀ ਅਤੇ ਭ੍ਰਿਸ਼ਟ ਅਧਿਕਾਰੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।