ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕ੍ਰੇਨ ਸੰਕਟ 'ਤੇ cm ਚੰਨੀ ਨੇ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਦੱਸ ਦਈਏ ਕਿ ਯੂਕ੍ਰੇਨ 'ਚ 1 ਹਜ਼ਾਰ ਤੋਂ ਵੱਧ ਵਿਦਿਆਰਥੀ ਫਸੇ ਹੋਏ ਸਨ, ਜਿਨ੍ਹਾਂ ਵਿਚੋਂ 75 ਫ਼ੀਸਦੀ ਵਿਦਿਆਰਥੀ ਸੁਰੱਖਿਅਤ ਵਾਪਸ ਆ ਗਏ ਹਨ ਪਰ ਅਜੇ ਵੀ ਕਰੀਬ 300 ਵਿਦਿਆਰਥੀ ਫਸੇ ਹੋਏ ਹਨ।
ਡਾ. ਵੇਰਕਾ ਨੇ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਹੋਣ ਦੇ ਨਾਤੇ ਮੁੱਖ ਮੰਤਰੀ ਨੇ ਉਨ੍ਹਾਂ ਦੀ ਡਿਊਟੀ ਲਗਾਈ ਹੈ ਕਿ ਯੂਕ੍ਰੇਨ ਵਿਚ ਪੰਜਾਬ ਨਾਲ ਸਬੰਧਿਤ ਮੈਡੀਕਲ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਡਿਗਰੀ ਅਧੂਰੀ ਨਾ ਰਹੇ ਅਤੇ ਇਸ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੀੜਤ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰਬੰਧ ਕਰਨ ਲਈ ਭਾਰਤ ਸਰਕਾਰ ਅਤੇ ਆਈ. ਐੱਮ. ਏ. ਨਾਲ ਉਹ ਗੱਲ ਕਰ ਰਹੇ ਹਨ।
ਇਸ ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਹੋ ਵੀ ਮੰਤਰੀ ਤੇ ਵਿਧਾਇਕ ਸ਼ਾਮਿਲ ਸਨ।