ਨਿਊਜ਼ ਡੈਸਕ : ਜ਼ਿਲ੍ਹਾ ਬਟਾਲਾ ਦੇ ਵਡਾਲਾ ਬਾਂਗਰ ਵਿਖੇ ਇਕ ਹੋਟਲ 'ਚ ਬੈਠੇ ਕੁਝ ਨੌਜਵਾਨਾਂ ’ਤੇ 8 ਤੋਂ 10 ਨੌਜਵਾਨਾਂ ਨੇ ਆ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਫਾਇਰਿੰਗ ਦੌਰਾਨ ਤਿੰਨ ਨੌਜਵਾਨਾਂ ਦੇ ਗੋਲੀਆਂ ਲੱਗੀਆਂ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ। ਘਟਨਾ ਦੌਰਾਨ ਦੋ ਨੌਜਵਾਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਵਿੱਖੇ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ (34) ਪੁੱਤਰ ਸ਼ਿੰਗਾਰਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਸਬੰਧੀ ਫੋਨ ਆਇਆ ਸੀ, ਜਿਸ 'ਤੇ ਉਹ ਇਥੇ ਪਹੁੰਚੇ ਤਾਂ ਦੇਖਿਆ ਕਿ ਉਸਦੇ ਭਰਾ ਦੇ ਸੀਨੇ ’ਤੇ ਗੋਲੀ ਵੱਜੀ ਸੀ, ਜਦਕਿ ਉਸ ਦੇ ਦੋ ਹੋਰ ਸਾਥੀ ਜ਼ਖ਼ਮੀ ਸਨ। ਉਨ੍ਹਾਂ ਕਿਹਾ ਕਿ ਇਕ ਨੌਜਵਾਨ ਦੇ ਸਿਰ ’ਤੇ ਗੋਲੀ ਵੱਜੀ ਸੀ। ਸਿਵਲ ਹਸਪਤਾਲ ਬਟਾਲਾ ਦੇ ਡਾਕਟਰ ਪਾਰਥ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਦੋ ਨੌਜਵਾਨਾਂ ਦੀ ਹਾਲਤ ਗੰਭੀਰ ਸੀ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।