ਨਿਊਜ਼ ਡੈਸਕ : ਅੰਮ੍ਰਿਤਸਰ ’ਚ ਇਕ 31 ਸਾਲਾ ਨੌਜਵਾਨ ਦੀ ਦਿਲ 'ਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੁਕੇਸ਼ ਕੁਮਾਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਘਟਨਾ ਸਬੰਧੀ ਮ੍ਰਿਤਕ ਦੇ ਭਰਾ ਕੇਵਲ ਚੰਦ ਨੇ ਦੱਸਿਆ ਕਿ ਉਸ ਦੇ ਭਰਾ ਮੁਕੇਸ਼ ਕੁਮਾਰ ਦਾ 11 ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ। ਮ੍ਰਿਤਕ ਮੁਕੇਸ਼ ਕੁਮਾਰ ਨਕਲੀ ਗਹਿਣੇ ਬਣਾਉਣ ਦਾ ਕੰਮ ਕਰਦਾ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਉਸ ਦਾ ਪਤਨੀ ਨਾਲ ਲੜਾਈ-ਝਗੜਾ ਹੋਣਾ ਸ਼ੁਰੂ ਹੋ ਗਿਆ। ਇਸ ਕਾਰਨ ਉਸ ਦਾ ਸਹੁਰੇ ਪਰਿਵਾਰ ਨਾਲ ਵੀ ਅਕਸਰ ਝਗੜਾ ਰਹਿੰਦਾ ਸੀ।
ਦੂਜੇ ਪਾਸੇ ਭਰਾ ਨੇ ਮ੍ਰਿਤਕ ਦੇ ਜੀਜਾ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਅਕਸਰ ਮੁਕੇਸ਼ ਨੂੰ ਸਬਕ ਸਿਖਾਉਣ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਹਿੰਦਾ ਹੈ। ਉਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਮੁਕੇਸ਼ ਦਾ ਕਤਲ ਉਸ ਦੇ ਸਹੁਰੇ ਪਰਿਵਾਰ ਦੇ ਲੋਕਾਂ ਵੱਲੋਂ ਕੀਤਾ ਗਿਆ ਹੈ। ਪੁਲਸ ਅਧਿਕਾਰੀ ਵਿਨੋਦ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਸਬੰਧ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।