ਨਿਊਜ਼ ਡੈਸਕ : ਜਾਪਾਨ 'ਚ ਦੇਰ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਤੇਜ਼ ਭੂਚਾਲ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 90 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਦਾ ਕੇਂਦਰ ਸਮੁੰਦਰ ਤਲ ਤੋਂ 60 ਕਿਲੋਮੀਟਰ ਹੇਠਾਂ ਸੀ। ਭੂਚਾਲ ਕਾਰਨ ਕਰੀਬ 20 ਲੱਖ ਘਰਾਂ ਦੀ ਬਿਜਲੀ ਗੁੱਲ ਹੋ ਗਈ ਹੈ। ਕਈ ਘਰਾਂ ਨੂੰ ਨੁਕਸਾਨ ਹੋਣ ਦੀ ਵੀ ਖਬਰ ਹੈ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਸੀ ਪਰ ਬਾਅਦ 'ਚ ਇਸ ਨੂੰ ਵਾਪਸ ਲੈ ਲਿਆ ਗਿਆ।
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਵੀਰਵਾਰ ਸਵੇਰੇ ਸੰਸਦੀ ਸੈਸ਼ਨ 'ਚ ਦੱਸਿਆ ਕਿ ਭੂਚਾਲ 'ਚ ਚਾਰ ਲੋਕ ਮਾਰੇ ਗਏ ਹਨ ਅਤੇ ਉਨ੍ਹਾਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਭੂਚਾਲ ਕਾਰਨ 97 ਲੋਕ ਜ਼ਖਮੀ ਵੀ ਹੋਏ ਹਨ। ਇਸ ਤੋਂ ਪਹਿਲਾਂ, ਇਕ ਨਿੱਜੀ ਨਿਊਜ਼ ਚੈਨਲ ਨੇ ਦੱਸਿਆ ਕਿ ਸੋਮਾ ਸਿਟੀ 'ਚ ਇਕ ਵਿਅਕਤੀ ਦੀ ਉਸਦੇ ਘਰ ਦੀ ਦੂਜੀ ਮੰਜ਼ਿਲ ਤੋਂ ਡਿੱਗਣ ਨਾਲ ਮੌਤ ਹੋ ਗਈ, ਜਦੋਂ ਕਿ ਇਕ 70 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।