ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਵਿਖੇ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿੰਨਾ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ਨਹੀਂ ਪਵੇਗੀ ਅਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਅਤੇ ਡਰ-ਭੈਅ ਤੋਂ ਸਮਰਪਿਤ ਭਾਵਨਾ, ਸੰਜੀਦਗੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਤਾਂ ਕਿ ਪੰਜਾਬੀਆਂ ਦੀਆਂ ਉਮੀਦਾਂ ਉਤੇ ਖਰਾ ਉਤਰਿਆ ਜਾ ਸਕੇ ਜਿਨ੍ਹਾਂ ਨੇ ਸ਼ਾਨਦਾਰ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।
ਸਿਵਲ ਤੇ ਪੁਲਿਸ ਅਫਸਰਾਂ ਦੀ ਬੇਮਿਸਾਲ ਸਮਰਥਾ ਤੇ ਕਾਬਲੀਅਤ ਦੀ ਸ਼ਲਾਘਾ ਕਰਦੇ ਹੋਏ ਮਾਨ ਨੇ ਕਿਹਾ “ਮੈਂ ਤੁਹਾਡੇ ਤੋਂ ਆਸ ਕਰਦਾਂ ਹਾਂ ਕਿ ਤੁਸੀਂ ਆਮ ਲੋਕਾਂ ਦਾ ਸਤਿਕਾਰ ਕਰੋ ਅਤੇ ਬਦਲੇ ਵਿਚ ਅਸੀਂ ਵੀ ਤਹਾਨੂੰ ਲੋਕ ਸੇਵਕ ਦੇ ਤੌਰ ’ਤੇ ਸਹੀ ਮਾਅਨਿਆਂ ਵਿਚ ਆਪਣੀ ਕਾਰਗੁਜ਼ਾਰੀ ਦਿਖਾਉਣ ਲਈ ਬਣਦਾ ਮਾਣ-ਸਤਿਕਾਰ ਦਿਆਂਗੇ।
” ਬਿਨਾਂ ਕੋਈ ਸੰਕੋਚ ਵਰਤਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ “ਮੇਰੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜੇਕਰ ਅਜਿਹੀ ਕੋਈ ਸ਼ਿਕਾਇਤ ਮੇਰੇ ਧਿਆਨ ਵਿਚ ਆ ਗਈ ਤਾਂ ਇਹੋ ਜਿਹੇ ਅਫਸਰ ਮੈਥੋਂ ਹਮਦਰਦੀ ਦੀ ਝਾਕ ਨਾ ਰੱਖਣ।”