ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦੇ ਪੂਰੇ ਕੀਤੇ ਸਨ ਉਹ ਲਾਗੂ ਹੁੰਦੇ ਨਜ਼ਰ ਆ ਰਹੇ ਹਨ। ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹਸਪਤਾਲਾਂ ਦੇ ਸਟਾਫ਼ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਬਹੁਤ ਹੀ ਨਰਮੀ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਨਾਲ ਵਧੀਆ ਸਲੂਕ ਕੀਤਾ ਜਾਵੇ।
ਹਸਪਤਾਲ ਦੇ ਸਾਰੇ ਸਟਾਫ ਅਤੇ ਕਰਮਚਾਰੀਆਂ ਵਰਦੀ ’ਚ ਹੋਣੇ ਚਾਹੀਦੇ ਹਨ ਅਤੇ ਹਰੇਕ ਸਟਾਫ ਮੈਂਬਰ ਕੋਲ ਸ਼ਨਾਖਤ ਕਾਰਡ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਸਾਰਾ ਸਟਾਫ ਡਾਕਟਰਾਂ ਸਮੇਤ ਡਿਊਟੀ ਦਾ ਪਾਬੰਦ ਹੋਣਾ ਚਾਹੀਦਾ ਹੈ, ਜੇਕਰ ਕੋਈ ਵੀ ਡਿਊਟੀ ਦੌਰਾਨ ਗੈਰ ਹਾਜ਼ਰ ਹੋਇਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਹਸਪਤਾਲ ’ਚ ਸਫ਼ਾਈ ਦਾ ਖ਼ਾਸ ਧਿਆਨ ਦੇਣ ਨੂੰ ਵੀ ਕਿਹਾ ਹੈ।
ਦੱਸ ਦੇਈਏ ਕਿ ‘ਆਪ’ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਪੰਜਾਬ ’ਚ ਮੈਡੀਕਲ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਰੱਖਿਆ ਜਾਵੇਗਾ ਅਤੇ ਦਿੱਲੀ ਵਰਗੇ ਹਸਪਤਾਲ ਅਤੇ ਮੁਹੱਲਾ ਕਲੀਨਿਕ ਪੰਜਾਬ ’ਚ ਵੀ ਬਣਾਏ ਜਾਣਗੇ।