ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿੱਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਅ ਵਿਭਾਗ ਨੇੜੇ ਹੋਸਟਲ ਜਾ ਰਹੀ ਵਿਦਿਆਰਥਣ ਨਾਲ ਛੇੜਛਾੜ ਕਰ ਰਹੇ ਨੌਜਵਾਨ ਨੇ ਕੈਂਪਸ ਦੇ 5 ਵਿਦਿਆਰਥੀਆਂ ’ਤੇ ਜਾਨਲੇਵਾ ਹਮਲਾ ਕਰ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ।
ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਇਲਾਜ ਲਈ ਸਥਾਨਕ ਇੱਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। 2 ਵਿਦਿਆਰਥੀਆਂ ਨੂੰ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ, ਜਦਕਿ 3 ਦਾ ਇਲਾਜ ਚੱਲ ਰਿਹਾ ਹੈ। ਕੰਟੋਨਮੈਂਟ ਦੀ ਪੁਲਿਸ ਨੇ ਅਣਪਛਾਤੇ ਹਮਲਾਵਰ ਵਿਰੁੱਧ ਹੱਤਿਆ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਇਕ ਵਿਦਿਆਰਥਣ ਆਪਣੇ ਹੋਸਟਲ ਵੱਲ ਜਾ ਰਹੀ ਸੀ। ਹਨੇਰਾ ਹੋਣ ਕਾਰਨ ਇਕ ਅਣਪਛਾਤੇ ਨੌਜਵਾਨ ਪੀਲੇ ਰੰਗ ਦੀ ਬਨੈਣ ਤੇ ਚਿੱਟੇ ਰੰਗ ਦੀ ਨਿੱਕਰ 'ਚ ਉਸ ਨੂੰ ਛੇੜਨ ਪੁੱਜਾ, ਜਿਸ ਨੂੰ ਵੇਖ ਉੱਥੇ ਖੜ੍ਹੇ ਵਿੱਦਿਆਰਥੀਆਂ ਵਲੋਂ ਉਸ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਉਸ ਨੇ ਤੇਜ਼ਧਾਰ ਹਥਿਆਰ ਕੱਢ ਕੇ ਉਸ ਨੂੰ ਰੋਕ ਰਹੇ ਪੰਜਾਂ ਨੌਜਵਾਨਾਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ।
ਹਨੇਰੇ ਦਾ ਫ਼ਾਇਦਾ ਉਠਾ ਕੇ ਅਣਪਛਾਤਾ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ। ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਤੁਰੰਤ ਸਾਰੇ ਜ਼ਖ਼ਮੀ ਵਿਦਿਆਰਥੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਜ਼ਖ਼ਮੀਆਂ ਵਿਚ ਜਤਿਨ ਕੁਮਾਰ, ਕੁਨਾਲ ਅਤੇ ਦੀਪਾਂਸ਼ ਤੋਂ ਇਲਾਵਾ 2 ਹੋਰ ਵਿਦਿਆਰਥੀ ਸਨ।
ਵਿਦਿਆਰਥਣ ਨਾਲ ਹੋਈ ਛੇੜਛਾੜ ਦੇ ਮਾਮਲੇ ਵਿਚ ਯੂਨੀਵਰਸਿਟੀ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਵਰਸਿਟੀ ਮੈਨੇਜਮੈਂਟ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਗਏ। ਵਿੱਦਿਆਰਥੀਆਂ ਵਲੋਂ ਇਹ ਮੰਗ ਕੀਤੀ ਗਈ ਕਿ ਘਟਨਾ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਹਮਲਾਵਰ ਦੀ ਪਛਾਣ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।