ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀਆਂ ਨੀਤੀਆਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਲਈ ਇੱਕ 12 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿੱਚ ਕੀਤਾ।
ਕਮੇਟੀ 'ਚ ਜਿਨ੍ਹਾਂ ਮੈਂਬਰ ਨੂੰ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਲ ਹਨ।
ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਪਾਰਟੀ ਦੇ ਸਾਰੇ ਉਮੀਦਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਯੂਥ ਵਿੰਗ ਅਤੇ ਐਸ. ਓ. ਆਈ ਦੇ ਅਹੁਦੇਦਾਰਾਂ ਆਦਿ ਨਾਲ ਵਿਸਥਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ।
ਇਨ੍ਹਾਂ ਮੀਟਿੰਗਾਂ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪਾਰਟੀ ਵਿੱਚ ਸਮੇਂ ਦੇ ਅਨੁਸਾਰ ਵੱਡੀਆਂ ਤਬਦੀਲੀਆਂ ਕਰਨ ਅਤੇ ਸਾਰੇ ਮਸਲੇ ਦੀ ਘੋਖ ਕਰਨ ਲਈ ਉਚ ਪੱਧਰੀ ਕਮੇਟੀ ਬਣਾਈ ਜਾਵੇ।