ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਦੇ ਪਿੰਡ ਮੁਰਾਦਪੁਰ ਨਰਿਆਲ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ, ਨਕਦੀ ਅਤੇ ਹੋਰ ਸਾਮਾਨ ਸੜ ਗਿਆ ਹੈ। ਇਹ ਅਗਜ਼ਨੀ ਦੀ ਘਟਨਾ ਨੇੜੇ ਹੀ ਕੂੜੇ ਕਰਕਟ ਦੇ ਢੇਰ ਨੂੰ ਲਗਾਈ ਗਈ ਅੱਗ ਕਾਰਨ ਵਾਪਰੀ। ਸਮਾਂ ਹੋਣ ਕਾਰਨ ਸਾਰੇ ਹੀ ਮਜ਼ਦੂਰ ਆਪਣੇ ਬੱਚਿਆਂ ਸਮੇਤ ਖੇਤਾਂ ਵਿੱਚ ਮਿਹਨਤ ਮਜ਼ਦੂਰੀ ਕਰਨ ਲਈ ਗਏ ਹੋਏ ਸਨ ਪਰ ਅੱਗ ਲੱਗਣ ਕਾਰਨ ਉਨ੍ਹਾਂ ਦਾ ਘਰੇਲੂ ਸਾਮਾਨ ਅਤੇ ਨਕਦੀ ਸੜ ਕੇ ਸੁਆਹ ਹੋ ਗਈ।
ਇਸ ਮੌਕੇ ਪਿੰਡ ਵਾਲਿਆਂ ਨੇ ਹੀ ਕਾਫ਼ੀ ਮਿਹਨਤ ਮੁਸ਼ੱਕਤ ਤੋਂ ਬਾਅਦ ਇਸ ਅੱਗ 'ਤੇ ਕਾਬੂ ਪਾਇਆ ਗਿਆ ਹੈ। ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮੌਕੇ ਉਤੇ ਜਾ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਇਕੱਤਰ ਹੋਏ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।