ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮ ਨੂੰ ਮੰਨਦੇ ਹੋਏ ਕਮੇਟੀ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਪਹਿਲਾਂ ਯੂ-ਟਿਊਬ ਚੈਨਲ ਇੱਕ ਹਫ਼ਤੇ ਅੰਦਰ ਲਾਂਚ ਕਰ ਦੇਵੇਗੀ।
ਐਡਵੋਕੇਟ ਧਾਮੀ ਜੋ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਵਿਖੇ ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ, ਉਨ੍ਹਾਂ ਨੇ ਕਿਹਾ ਕਿ ਜੋ ਸਿੱਖ ਪਰਿਵਾਰ ਧਰਮ ਪਰਿਵਰਤਨ ਕਰ ਰਹੇ ਹਨ ਉਹ ਸਿੱਖ ਨਹੀਂ, ਕਿਉਂਕਿ ਉਹ ਦੂਜੇ ਧਰਮਾਂ ਵਲੋਂ ਉਨ੍ਹਾਂ ਨੂੰ ਦਿੱਤਾ ਗਿਆ ਲਾਲਚ ਪਰਿਵਰਤਨ ਹੈ।
ਪ੍ਰਧਾਨ ਐਡਵੋਕੇਟ ਧਾਮੀ ਨੇ ਦੂਜੇ ਧਰਮਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦਾ ਆਰਥਿਕ ਸਹਾਇਤਾ ਜਾਂ ਹੋਰ ਲਾਲਚ ਦੇ ਕੇ ਧਰਮ ਪਰਿਵਰਤਨ ਨਾ ਕਰਵਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸਕੂਲਾਂ, ਕਾਲਜਾਂ ਵਿਚ ਪੜ੍ਹਦੇ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਕਰਨ ਲਈ ਯਤਨਸ਼ੀਲ ਰਹੀ ਹੈ ਤਾਂ ਜੋ ਉਹ ਉੱਚ ਸਿੱਖਿਆ ਤੋਂ ਵਾਂਝੇ ਨਾ ਰਹਿ ਸਕਣ।