ਨਿਊਜ਼ ਡੈਸਕ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ’ਤੇ ਇਕ ਹੋਰ ਛਿਕੰਜਾ ਕੱਸਦੇ ਹੋਏ ਆਖਿਆ ਹੈ ਕਿ ਕੋਈ ਵੀ ਪ੍ਰਾਈਵੇਟ ਸਕੂਲ ਦੋ ਸਾਲ ਤਕ ਵਰਦੀ ਨਹੀਂ ਬਦਲ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਨਵੇਂ ਹੁਕਮਾਂ ਵਿਚ ਸਾਫ ਆਖਿਆ ਗਿਆ ਹੈ ਕਿ ਕੋਈ ਵੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਜਾਂ ਵਰਦੀ ਲੈਣ ਲਈ ਦਬਾਅ ਨਹੀਂ ਪਾ ਸਕਦਾ ਹੈ। ਨਿੱਜੀ ਸਕੂਲਾਂ ਦੀਆਂ ਸ਼ਿਕਾਇਤ ਲਈ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਬਨਾਉਣ ਦਾ ਵੀ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਨੂੰ ਰਾਹਤ ਮਿਲਣੀ ਸੁਭਾਵਕ ਹੈ। ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਨੇ ਨਿੱਜੀ ਸਕੂਲਾਂ ਵਲੋਂ ਫੀਸ ਵਧਾਏ ਜਾਣ ’ਤੇ ਰੋਕ ਲਗਾ ਦਿੱਤੀ ਸੀ। ਮੁੱਖ ਮੰਤਰੀ ਨੇ ਆਖਿਆ ਸੀ ਕਿ ਸਕੂਲਾਂ ਫੀਸਾਂ ’ਚ ਵਾਧੇ ਨੂੰ ਲੈ ਕੇ ਇਕ ਕਮੇਟੀ ਬਣਾਈ ਜਾਵੇਗੀ ਜਿਸ ਵਿਚ ਬੱਚਿਆਂ ਮਾਪਿਆਂ ਦੇ ਰਾਏ ਵੀ ਲਈ ਜਾਵੇਗੀ ਅਤੇ ਇਸ ਤੋਂ ਬਾਅਦ ਅਗਲੇ ਹੁਕਮ ਜਾਰੀ ਕੀਤੇ ਜਾਣਗੇ।