by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਸ. ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ, ਜਿਨ੍ਹਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਉਥੇ ਸਿੱਖ ਅਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਅਤੇ ਕਿਸੇ ਵੀ ਦੇਸ਼ ਵਿਚ ਵੱਸਦੇ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਜ਼ਿੰਮੇਵਾਰ ਹੁੰਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਖ਼ਬਰ ਦਰੁੱਸਤ ਹੈ ਤਾਂ ਇਸ ਤੋਂ ਮੰਦਭਾਗੀ ਗੱਲ ਹੋਰ ਨਹੀਂ ਹੋ ਸਕਦੀ।