ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ-ਫ਼ਾਜ਼ਿਲਕਾ ਕੌਮੀ ਮਾਰਗ ’ਤੇ ਪੈਂਦੇ ਪਿੰਡ ਨਿਹਾਲਖੇੜਾ ਵਿਖੇ ਦੋ ਧਿਰਾਂ ਵਿਚਾਲੇ ਜ਼ਮੀਨੀ ਝਗੜੇ ਦੌਰਾਨ ਇਕ ਬਜ਼ੁਰਗ ਦੀ ਮੌਤ ਹੋ ਗਈ ਜਦਕਿ 9 ਵਿਅਕਤੀ ਜ਼ਖ਼ਮੀ ਹੋ ਗਏ | ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ’ਚ ਰਖਵਾਇਆ ਗਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ 'ਚ ਨਿਹਾਲਖੇੜਾ ਵਾਸੀ ਵਿਨੋਦ ਕੁਮਾਰ ਪੁੱਤਰ ਮੰਗਤ ਰਾਮ ਨੇ ਦੱਸਿਆ ਕਿ ਉਹ ਆਪਣੇ ਪਿਤਾ ਤੇ ਚਾਚੇ ਨਾਲ ਖੇਤ ਵਿਚ ਕੰਮ ਕਰ ਰਿਹਾ ਸੀ ਤਾਂ ਹਥਿਆਰਾਂ ਨਾਲ ਲੈਸ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਉਸ ਦੇ ਪਿਤਾ ਮੰਗਤ ਰਾਮ ਦੀ ਮੌਤ ਹੋ ਗਈ, ਜਦਕਿ ਉਸ ਦਾ ਚਾਚਾ ਕੁਲਦੀਪ ਸ਼ਰਮਾ ਪੁੱਤਰ ਓਮ ਪ੍ਰਕਾਸ਼ ਗੰਭੀਰ ਜ਼ਖਮੀ ਹੋ ਗਿਆ।
ਇੰਨਾ ਹੀ ਨਹੀਂ ਹਮਲੇ ’ਚ ਉਸ ਦੀ ਸਾਲੀ ਨੇਹਾ ਸ਼ਰਮਾ ਪਤਨੀ ਪ੍ਰਮੋਦ ਸ਼ਰਮਾ ਜ਼ਖਮੀ ਹੋ ਗਈ। 6 ਏਕੜ ਜ਼ਮੀਨ ਦੀ ਵੰਡ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ 4 ਸਾਲਾਂ ਤੋਂ ਵਿਵਾਦ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ 2 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।