ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬੀਜਾਈ ਨੂੰ ਲੈ ਕੇ ਪੰਜਾਬ ਸਰਕਾਰ ਅੱਗੇ ਵੱਡੀ ਸ਼ਰਤ ਰੱਖੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਝੋਨੇ ਦੀ ਸਿੱਧੀ ਬੀਜਾਈ ਲਈ ਕਿਸਾਨਾਂ ਨੂੰ 10,000 ਰੁਪਏ ਪ੍ਰਤੀ ਏਕੜ ਰਿਸਕ ਭੱਤਾ ਦੇਣ ਨੂੰ ਦੇਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਲਈ ਸਰਕਾਰ ਸਿੱਧੀ ਬੀਜਾਈ 'ਤੇ ਝੋਨੇ ਦੀ ਪੜਾਅਵਾਰ ਲਵਾਈ ਦੀ ਯੋਜਨਾ ਲੈ ਕੇ ਆਈ ਹੈ। ਪੰਜਾਬ ’ਚ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਇਸ ਦਾ ਸਾਰਾ ਭਾਂਡਾ ਕਿਸਾਨਾਂ ਦੇ ਸਿਰ ਭੰਨਿਆ ਜਾ ਰਿਹਾ ਹੈ। ਪੰਜਾਬ ਸਰਕਾਰ ਸਾਉਣੀ ਦੀਆਂ 23 ਫ਼ਸਲਾਂ ’ਤੇ ਐੱਮ. ਐੱਸ. ਪੀ. ਦਾ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਾਣੀ ’ਚ ਤੇਜ਼ਾਬ ਮਿਲਾ ਕੇ ਇਸ ਨੂੰ ਗੰਦਾ ਕੀਤਾ ਹੈ, ਸਰਕਾਰ ਸਪੈਸ਼ਲ ਸੈਸ਼ਨ ਬੁਲਾ ਕੇ ਉਨ੍ਹਾਂ ਵਿਰੁੱਧ ਕਾਰਵਾਈ ਕਰੇ।