ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨੂੰ ਵੱਡੇ ਪੱਧਰ ਉੱਤੇ ਸਾਰਥਕ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦੀ ਪਹਿਲਕਦਮੀ ਦਾ ਲਾਭ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਾਉਣ ਲਈ ਅਤੇ ਕੀਮਤੀ ਸੋਮੇ ਪਾਣੀ ਨੂੰ ਬਚਾਉਣ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਨਾ ਸਿਰਫ਼ ਪਾਣੀ 'ਤੇ ਸਮੇਂ ਦੀ ਬੱਚਤ ਹੁੰਦੀ ਹੈ ਬਲਕਿ ਮਾਨਵੀ ਸ਼ਕਤੀ ਦੀ ਵੀ ਘੱਟ ਖਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਕਨੀਕ ਨਾਲ ਬਿਜਾਈ ਦੇ ਰਵਾਇਤੀ ਤਰੀਕਿਆਂ ਵਾਂਗ ਖੇਤਾਂ ਚ ਕੱਦੂ ਕਰਨ ' ਤੇ ਪਾਣੀ ਖੜ੍ਹਾਉਣ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਜਿਹੇ ਸਾਰਥਕ ਉਪਰਾਲੇ ਸਮੇਂ ਦੀ ਅਹਿਮ ਲੋੜ ਹਨ।