ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਖੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹਾਰਮੋਨੀਅਮ ਹਟਾਉਣ ਦੀ ਮੰਗ ਕਾਫੀ ਸਮੇਂ ਤੋਂ ਉਠ ਰਹੀ ਹੈ। ਹੁਣ ਇਹ ਮੰਗ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਉਠੀ ਹੈ। ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੁਣ ਪੁਰਾਣੇ ਤੰਤੀ ਸਾਜ਼ਾਂ ਨਾਲ ਕੀਰਤਨ ਹੋਵੇਗਾ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਤੰਤੀ ਸਾਜਾਂ ਨਾਲ ਕੀਰਤਨ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਅਤੇ ਇਸ ਆਦੇਸ਼ ਨੂੰ ਅਮਲੀਜਾਮਾ ਪਹਿਨਾਉਣ ਲਈ 3 ਸਾਲ ਦਾ ਸਮਾਂ ਦਿੱਤਾ ਗਿਆ ਹੈ। ਇਸ ਸਬੰਧ ਵਿੱਚ 3 ਮਈ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਮਤਾ ਪਾਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਿੰਨ ਸਾਲਾਂ ਦੇ ਅੰਦਰ ਹਰਿਮੰਦਰ ਸਾਹਿਬ ਵਿੱਚੋਂ ਹਾਰਮੋਨੀਅਮ ਹਟਾਉਣ ਲਈ ਕਿਹਾ ਹੈ। ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਰਵਾਇਤੀ ਸਾਜ਼ਾਂ ਨਾਲ ਕੀਰਤਨ ਜਾਂ ਗੁਰਬਾਣੀ ਦਾ ਗਾਇਨ ਕੀਤਾ ਜਾ ਸਕੇ। ਐਸਜੀਪੀਸੀ ਨੇ ਤੰਤੀ ਸਾਜ਼ ਸਿੱਖਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।