ਨਿਊਜ਼ ਡੈਸਕ (ਸਿਮਰਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਰਮਿੰਘਮ ਦੇ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦੇ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵੀ ਕੀਤਾ ਸਾਜਿਸ ਵਿਚ ਉਨ੍ਹਾਂ ਹਰਜਿੰਦਰ ਕੌਰ ਨੂੰ ਵਧਾਈ ਦਿੱਤੀ ਸੀ ਅਤੇ ਕਿਹਾ ਸੀ ਕਿ ''ਨਾਭਾ ਨੇੜਲੇ ਪਿੰਡ ਮੈਹਸ ਦੀ ਉਭਰਦੀ ਖਿਡਾਰਨ ਨੇ ਇਸ ਵਿਲੱਖਣ ਪ੍ਰਾਪਤੀ ਨਾਲ ਮੁਲਕ ਦਾ ਨਾਂ ਰੌਸ਼ਨ ਕੀਤਾ ਹੈ''। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਖੇਡ ਨੀਤੀ ਅਨੁਸਾਰ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ।
ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਹਰਜਿੰਦਰ ਕੌਰ ਦੀ ਇਹ ਮਾਣਮੱਤੀ ਪ੍ਰਾਪਤੀ ਹੋਰਨਾਂ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਅਤੇ ਦੇਸ਼ ਦਾ ਨਾਮ ਚਮਕਾਉਣ ਲਈ ਪ੍ਰੇਰਿਤ ਕਰੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਸਫਲਤਾ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖਿਡਾਰੀਆਂ ਨੂੰ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ ਜਾਵੇਗਾ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਚਰਿੱਤਰ ਨਿਰਮਾਣ ਦੀ ਪ੍ਰਕਿਰਿਆ ਵਜੋਂ ਖੇਡਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਵਿਅਕਤੀ ਦੀ ਸਮੁੱਚੀ ਸ਼ਖ਼ਸੀਅਤ ਦਾ ਵਿਕਾਸ ਕਰਦੀਆਂ ਹਨ, ਸਗੋਂ ਉਨ੍ਹਾਂ ਅੰਦਰ ਸਵੈ-ਅਨੁਸ਼ਾਸਨ ਅਤੇ ਖੇਡ ਭਾਵਨਾ ਵਰਗੇ ਲੀਡਰਸ਼ਿਪ ਵਾਲੇ ਗੁਣਾਂ ਦੇ ਧਾਰਨੀ ਬਣਾ ਕੇ ਸਮਾਜ ਦੇ ਆਦਰਸ਼ ਨਾਗਰਿਕ ਬਣਾਉਂਦੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਖੇਡਾਂ ਨਾਲ ਲੰਮੇਰੀ ਸਾਂਝ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਖਿਡਾਰੀਆਂ ਨੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਆਪਣਾ ਮੁਕਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਪੰਜਾਬ ਨੂੰ ਜਲਦੀ ਹੀ ਦੇਸ਼ ਭਰ ਵਿੱਚ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਾਜ ਬਣਾਇਆ ਜਾ ਸਕੇ।