ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੱਜ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦਾ ਪੂਰਾ ਬਜਟ ਵਿਧਾਨ ਸਭਾ 'ਚ ਪੇਸ਼ ਕੀਤਾ ਗਿਆ । ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ ,ਜੋ ਕਿ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। ਦੱਸ ਦਈਏ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਦੀ ਸ਼ੁਰੂਆਤ ਕਰਜ਼ੇ ਨੂੰ ਲੈ ਕੇ ਕੀਤੀ ਸੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਜਦੋ ਤੋਂ ਪੰਜਾਬ ਵਿੱਚ ਆਪ ਸਰਕਾਰ ਸੱਤਾ ਵਿੱਚ ਆਈ ਹੈ । ਉਸ ਨੂੰ ਵਿਰਾਸਤ 'ਚ ਕਰਜ਼ੇ ਹੀ ਮਿਲੇ ਹਨ । ਉਨ੍ਹਾਂ ਨੇ ਕਿਹਾ ਇਹ ਉਹ ਕਰਜ਼ੇ ਹਨ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰ ਨੇ ਚੁੱਕਿਆ ਸੀ ।
ਜ਼ਿਕਰਯੋਗ ਹੈ ਕਿ ਆਪ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੁਝ ਵਾਅਦੇ ਕੀਤੇ ਸਨ। ਜਿਸ 'ਚ ਬਿਜਲੀ ਮੁਫ਼ਤ ਦੇ ਨਾਲ- ਨਾਲ ਮਹਿਲਾਵਾਂ ਨੂੰ 1000 ਰੁਪਏ ਹਰ ਮਹੀਨੇ ਦੇਣ ਦਾ ਵਾਅਦਾ ਕੀਤਾ ਗਿਆ ਸੀ । ਇਸ ਬਜਟ ਸੈਸ਼ਨ ਦੌਰਾਨ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਕਿਤੇ ਵੀ ਜ਼ਿਕਰ ਨਹੀ ਹੋਇਆ। ਜਿਸ ਨੂੰ ਲੈ ਕੇ ਆਪ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਹੈ। ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਦੌਰਾਨ ਕਿਸਾਨਾਂ ਦੀ ਆਮਦਨ ਵਧਾਉਣ ਦੇ ਤਰੀਕੇ ਨੂੰ ਲੈ ਕੇ ਨਵੀ ਨੀਤੀ ਲਾਗੂ ਕਰਨ ਦਾ ਐਲਾਨ ਕੀਤਾ ਹੈ ।