ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਸਰਕਾਰ ਵਲੋਂ ਜਲੰਧਰ ਦੇ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਮਾਮਲੇ 'ਚ ਵਿਦਿਆਰਥੀਆਂ ਵਲੋਂ ਕੈਨੇਡੀਅਨ ਬਾਰਡਰ ਸਕਿਓਰਿਟੀ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਵਿਦਿਆਰਥੀਆਂ ਦੇ ਹੱਕ 'ਚ ਪੰਜਾਬੀ ਗਾਇਕਾ ਨਿਮਰਤ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕੀਤੀ ਹੈ । ਜਿਸ 'ਚ ਉਨ੍ਹਾਂ ਨੇ ਲਿਖਿਆ ਕਿ : ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ..... ਉਹ ਘੁਟਾਲੇ ਦੇ ਸ਼ਿਕਾਰ ਹੋਏ ਹਨ ।ਇਸ ਨਾਲ ਉਨ੍ਹਾਂ ਦਾ ਭਵਿੱਖ ਤਬਾਹ ਹੋ ਜਾਵੇਗਾ।
ਦੱਸ ਦਈਏ ਕਿ ਇਸ ਮਾਮਲੇ ਸਬੰਧੀ ਹੋਰ ਵੀ ਕਈ ਪੰਜਾਬੀ ਕਲਾਕਾਰ ਵਿਦਿਆਰਥੀਆਂ ਦੇ ਹੱਕ 'ਚ ਸਾਹਮਣੇ ਆਏ ਹਨ, ਹਾਲਾਂਕਿ ਕੁਝ ਦਿਨ ਪਹਿਲਾਂ ਹੀ ਗਾਇਕ ਸ਼ੈਰੀ ਮਾਨ ਵੀ ਧਰਨੇ ਵਾਲੇ ਥਾਂ 'ਤੇ ਪਹੁੰਚੇ ਸਨ। ਦੱਸਣਯੋਗ ਹੈ ਕਿ 2018 ਤੋਂ 2022 'ਚ ਜਲੰਧਰ ਦੇ ਇੱਕ ਏਜੰਟ ਨੇ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਇੱਕ ਪ੍ਰਾਈਵੇਟ ਕਾਲਜ ਦੇ ਆਫਰ ਲੈਟਰ ਦੇ ਕੇ ਕੈਨੇਡਾ ਭੇਜਿਆ ਸੀ, ਜਦੋ ਉੱਥੇ ਜਾ ਕੇ ਵਿਦਿਆਰਥੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਉਹ ਫਰਜ਼ੀ ਪਾਏ ਗਏ ।