ਪੱਤਰ ਪ੍ਰੇਰਕ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਰਾਜ ਸਭਾ 'ਚ ਕਿਹਾ ਕਿ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰਨ ਦੇ ਕੇਂਦਰ ਦੇ ਫੈਸਲੇ 'ਤੇ ਸੁਪਰੀਮ ਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੀ ਵੱਡੀ ਹਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ (ਪੀਓਕੇ) ਭਾਰਤ ਦਾ ਹੈ ਅਤੇ ਇਸ ਨੂੰ ਕੋਈ ਸਾਡੇ ਤੋਂ ਖੋਹ ਨਹੀਂ ਸਕਦਾ।
ਸ਼ਾਹ ਜੰਮੂ-ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ ਅਤੇ ਜੰਮੂ-ਕਸ਼ਮੀਰ ਪੁਨਰਗਠਨ (ਸੋਧ) ਬਿੱਲ 'ਤੇ ਉਪਰਲੇ ਸਦਨ 'ਚ ਚਰਚਾ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਧਾਰਾ 370 ਬਾਰੇ ਕੇਂਦਰ ਦੇ ਫੈਸਲੇ 'ਤੇ ਸੁਪਰੀਮ ਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੀ ਵੱਡੀ ਹਾਰ ਹੈ ਅਤੇ ਜਿਹੜੇ ਲੋਕ ਧਾਰਾ 370 ਨੂੰ 'ਸਥਾਈ' ਕਹਿੰਦੇ ਹਨ, ਉਹ ਸੰਵਿਧਾਨ ਅਤੇ ਸੰਵਿਧਾਨ ਸਭਾ ਦਾ ਅਪਮਾਨ ਕਰ ਰਹੇ ਹਨ।
ਸ਼ਾਹ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਨੂੰ ਖਤਮ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਜੰਮੂ-ਕਸ਼ਮੀਰ ਦੇ ਸੰਵਿਧਾਨ ਦੀ ਕੋਈ ਵੈਧਤਾ ਨਹੀਂ ਹੈ। ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਬਾਰੇ ਸ਼ਾਹ ਨੇ ਕਿਹਾ ਕਿ ਉਹ ਪਹਿਲਾਂ ਹੀ ਕਈ ਵਾਰ ਵਾਅਦਾ ਕਰ ਚੁੱਕੇ ਹਨ ਕਿ ਢੁਕਵੇਂ ਸਮੇਂ 'ਤੇ ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ।
ਸ਼ਾਹ ਨੇ ਕਿਹਾ ਕਿ ਧਾਰਾ 370 ਨੇ ਜੰਮੂ-ਕਸ਼ਮੀਰ ਵਿੱਚ ਵੱਖਵਾਦ ਨੂੰ ਜਨਮ ਦਿੱਤਾ ਅਤੇ ਨਤੀਜੇ ਵਜੋਂ ਅੱਤਵਾਦ ਵਧਿਆ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਤਿੰਨ ਪਰਿਵਾਰਾਂ ਨੇ ਧਾਰਾ 370 ਦੇ ਤਹਿਤ ਸੱਤਾ ਦਾ ਆਨੰਦ ਮਾਣਿਆ ਅਤੇ 75 ਸਾਲਾਂ ਤੱਕ ਲੋਕਾਂ ਨੂੰ ਵੱਖ-ਵੱਖ ਅਧਿਕਾਰਾਂ ਤੋਂ ਵਾਂਝਾ ਰੱਖਿਆ। ਗ੍ਰਹਿ ਮੰਤਰੀ ਦੇ ਜਵਾਬ ਤੋਂ ਅਸੰਤੁਸ਼ਟ ਵਿਰੋਧੀ ਪਾਰਟੀਆਂ ਸਦਨ ਤੋਂ ਵਾਕਆਊਟ ਕਰ ਗਈਆਂ।