ਪੱਤਰ ਪ੍ਰੇਰਕ : ਕਿਸਾਨ ਅੰਦੋਲਨ ਦਰਮਿਆਨ ਸਰਕਾਰ ਨੇ ਇੱਕ ਹੋਰ ਕਾਰਵਾਈ ਕੀਤੀ ਹੈ। ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦਾ ਫੇਸਬੁੱਕ ਪੇਜ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੋਰਚੇ ਦੇ ਇੰਸਟਾਗ੍ਰਾਮ ਅਕਾਊਂਟ 'ਤੇ 7 ਪੋਸਟਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਫ਼ਸਲਾਂ ਦੀ ਖ਼ਰੀਦ ਦੀ ਕਾਨੂੰਨੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਲਖੀਮਪੁਰ ਖੇੜੀ ਨੂੰ ਇਨਸਾਫ਼ ਦਿਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਮੋਰਚੇ ਦੀ ਅਗਵਾਈ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਕਰ ਰਹੇ ਹਨ। ਇਸ ਵੇਲੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਖੜ੍ਹੇ ਹਨ।
ਇਸ ਮਸਲੇ ਦੇ ਹੱਲ ਲਈ ਕਿਸਾਨ ਆਗੂਆਂ ਨਾਲ ਕੇਂਦਰੀ ਮੰਤਰੀਆਂ ਦੀਆਂ ਮੀਟਿੰਗਾਂ ਵੀ ਹੋਈਆਂ। ਇਨ੍ਹਾਂ ਮੀਟਿੰਗਾਂ ਵਿੱਚ ਵੀ ਕਿਸਾਨ ਆਗੂਆਂ ਨੇ ਹੋਰ ਮੁੱਦਿਆਂ ਦੇ ਨਾਲ-ਨਾਲ ਸੋਸ਼ਲ ਮੀਡੀਆ ਪੇਜਾਂ ਨੂੰ ਬੰਦ ਕਰਨ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੇ ਬੰਦ ਕੀਤੇ ਪੇਜ ਬਹਾਲ ਕਰ ਦਿੱਤੇ ਜਾਣਗੇ ਪਰ ਹੁਣ ਕਿਸਾਨ ਮਜ਼ਦੂਰ ਮੋਰਚਾ ਦਾ ਫੇਸਬੁੱਕ ਪੇਜ ਵੀ ਬੰਦ ਕਰ ਦਿੱਤਾ ਗਿਆ ਹੈ।