ਪੱਤਰ ਪ੍ਰੇਰਕ : ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਵੱਖ-ਵੱਖ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਆਪ ਵੱਲੋਂ ਉਮੀਦਵਾਰਾਂ ਦੇ ਨਾਵਾਂ 'ਤੇ ਮੰਥਨ ਕੀਤਾ ਜਾਵੇਗਾ। ਇਸੇ ਕਾਰਨ ਅੱਜ ‘ਆਪ’ ਦੀ ਪੀਏਸੀ ਦੀ ਮੀਟਿੰਗ ਦਿੱਲੀ ਵਿੱਚ ਹੋਈ। ਕਿਆਸ ਲਾਏ ਜਾ ਰਹੇ ਹਨ ਕਿ ਇਸ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਗਈ।
ਪਾਰਟੀ ਵੱਲੋਂ ਆਪਣੇ ਉਮੀਦਵਾਰ ਖੜ੍ਹੇ ਕਰਨ ਤੋਂ ਪਹਿਲਾਂ ਸਰਵੇਖਣ ਕੀਤਾ ਜਾ ਰਿਹਾ ਹੈ। ਪਾਰਟੀ ਹਰ ਹਲਕੇ ਤੋਂ ਤਿੰਨ-ਤਿੰਨ ਉਮੀਦਵਾਰਾਂ ਦੇ ਨਾਵਾਂ 'ਤੇ ਵਿਚਾਰ ਕਰ ਰਹੀ ਹੈ। ਇਸ ਤੋਂ ਬਾਅਦ ਹੀ ਪਾਰਟੀ ਵੱਲੋਂ ਅਗਲਾ ਫੈਸਲਾ ਲਿਆ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਆਪਣੇ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੂੰ ਉਮੀਦਵਾਰ ਬਣਾਉਣ ਬਾਰੇ ਸੋਚ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਵਾਰ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤੇਗੀ। ਇਸ ਕਾਰਨ ਪਾਰਟੀ ਚਾਹੁੰਦੀ ਹੈ ਕਿ ਉਮੀਦਵਾਰ ਦਾ ਐਲਾਨ ਜਲਦੀ ਕੀਤਾ ਜਾਵੇ ਤਾਂ ਜੋ ਉਸ ਨੂੰ ਆਪਣੇ ਹਲਕੇ ਦੇ ਲੋਕਾਂ ਨੂੰ ਮਿਲਣ ਦਾ ਮੌਕਾ ਮਿਲ ਸਕੇ।