ਪੱਤਰ ਪ੍ਰੇਰਕ : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਦੇ ਜੱਜ ਐਮਕੇ ਨਾਗਪਾਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਹ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਦੀ ਸੁਣਵਾਈ ਕਰ ਰਹੇ ਸਨ। ਹੁਣ ਉਨ੍ਹਾਂ ਦੀ ਥਾਂ 'ਤੇ ਜੱਜ ਕਾਵੇਰੀ ਬਵੇਜਾ ਨੂੰ ਨਿਯੁਕਤ ਕੀਤਾ ਗਿਆ ਹੈ ਜੋ ਇਸ ਕੇਸ ਦੀ ਸੁਣਵਾਈ ਕਰਨਗੇ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਾਜ਼ਾ ਸੰਮਨ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਆਮ ਆਦਮੀ ਪਾਰਟੀ (ਆਪ) ਦੇ 55 ਸਾਲਾ ਕੌਮੀ ਕਨਵੀਨਰ ਨੂੰ ਕੇਂਦਰੀ ਏਜੰਸੀ ਦੇ ਕੇਂਦਰੀ ਦਿੱਲੀ ਸਥਿਤ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਕੇਜਰੀਵਾਲ ਦੇ ਬਿਆਨ ਦਰਜ ਕਰਨ ਲਈ ਨੌਵਾਂ ਸੰਮਨ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਦਿਆਂ ਹਰ ਵਾਰ ਪੇਸ਼ ਹੋਣ ਤੋਂ ਇਨਕਾਰ ਕੀਤਾ ਹੈ। ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਕੇਜਰੀਵਾਲ ਨੂੰ ਮਾਮਲੇ ਵਿੱਚ ਪਿਛਲੇ ਅੱਠ ਸੰਮਨਾਂ ਵਿੱਚੋਂ ਛੇ ਨੂੰ ਟਾਲਣ ਲਈ ਏਜੰਸੀ ਵੱਲੋਂ ਦਾਇਰ ਦੋ ਸ਼ਿਕਾਇਤਾਂ ਉੱਤੇ ਜ਼ਮਾਨਤ ਦੇ ਦਿੱਤੀ ਸੀ।
ਈਡੀ ਨੇ ਮਾਮਲੇ 'ਚ ਜਾਰੀ ਸੰਮਨ 'ਤੇ ਪੇਸ਼ ਨਾ ਹੋਣ 'ਤੇ ਕੇਜਰੀਵਾਲ ਖਿਲਾਫ ਮੁਕੱਦਮਾ ਚਲਾਉਣ ਦੀ ਮੰਗ ਨੂੰ ਲੈ ਕੇ ਮੈਜਿਸਟ੍ਰੇਟ ਅਦਾਲਤ ਦਾ ਰੁਖ ਕੀਤਾ ਸੀ। ਏਜੰਸੀ ਨੇ ਦੋ ਦਿਨ ਪਹਿਲਾਂ ਇਸ ਮਾਮਲੇ ਵਿੱਚ ਬੀਆਰਐਸ ਨੇਤਾ ਕੇ. ਕਵਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਦਾਇਰ ਚਾਰਜਸ਼ੀਟ ਵਿੱਚ ਕਈ ਵਾਰ ਕੇਜਰੀਵਾਲ ਦਾ ਨਾਂ ਆਇਆ ਹੈ। ਏਜੰਸੀ ਨੇ ਕਿਹਾ ਹੈ ਕਿ ਦੋਸ਼ੀ 2021-22 ਲਈ ਆਬਕਾਰੀ ਨੀਤੀ ਬਣਾਉਣ ਨੂੰ ਲੈ ਕੇ ਕੇਜਰੀਵਾਲ ਦੇ ਸੰਪਰਕ ਵਿਚ ਸਨ।