ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਏਜੰਸੀ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵੀਰਵਾਰ ਦੇਰ ਸ਼ਾਮ ਈਡੀ ਦੀ ਟੀਮ ਭਾਰੀ ਫੋਰਸ ਨਾਲ ਕੇਜਰੀਵਾਲ ਦੇ ਘਰ ਪਹੁੰਚੀ। ਇੱਥੇ ਤਲਾਸ਼ੀ ਅਤੇ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਇਹ ਪਹਿਲਾ ਅਜਿਹਾ ਮਾਮਲਾ ਹੈ ਜਦੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੋਵੇ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਹੁਣ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੀ ਬਣੇਗਾ? ਭਾਵ ਸਰਕਾਰ ਕੌਣ ਚਲਾਏਗਾ।
ਇਸ ਬਾਰੇ ਆਮ ਆਦਮੀ ਪਾਰਟੀ ਦਾ ਸਪੱਸ਼ਟ ਸਟੈਂਡ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਹੀ ਸਰਕਾਰ ਚਲਾਉਣਗੇ। ਭਾਵ ਉਹ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਦਰਅਸਲ 2 ਨਵੰਬਰ ਤੋਂ 21 ਮਾਰਚ ਦਰਮਿਆਨ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ 9 ਸੰਮਨ ਭੇਜੇ ਸਨ। ਪਰ ਕੇਜਰੀਵਾਲ ਕੋਈ ਨਾ ਕੋਈ ਬਹਾਨਾ ਬਣਾ ਕੇ ਈਡੀ ਸਾਹਮਣੇ ਪੇਸ਼ ਨਹੀਂ ਹੋ ਰਹੇ ਸਨ। ਜਦੋਂ ਉਸ ਨੂੰ 9ਵਾਂ ਸੰਮਨ ਮਿਲਿਆ ਤਾਂ ਉਸ ਨੇ ਇਸ ਦੇ ਖਿਲਾਫ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ। ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਜੇਕਰ ਉਹ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਹੁੰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰੀ ਤੋਂ ਸੁਰੱਖਿਆ ਦਿੱਤੀ ਜਾਵੇ। ਹਾਲਾਂਕਿ ਹਾਈਕੋਰਟ ਤੋਂ ਕੇਜਰੀਵਾਲ ਨੂੰ ਰਾਹਤ ਨਹੀਂ ਮਿਲੀ। ਹੁਣ ਆਮ ਆਦਮੀ ਪਾਰਟੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ਪਹੁੰਚ ਗਈ ਹੈ।