ਪੱਤਰ ਪ੍ਰੇਰਕ : ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਨੇਤਾ ਕੇ. ਕਵਿਤਾ ਦੀ ਹਿਰਾਸਤ 26 ਮਾਰਚ ਤੱਕ ਵਧਾ ਦਿੱਤੀ ਗਈ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਵਿਤਾ ਦੀ ਹਿਰਾਸਤ ਪੰਜ ਦਿਨਾਂ ਲਈ ਵਧਾਉਣ ਦੀ ਬੇਨਤੀ ਕੀਤੀ ਸੀ।
ਈਡੀ ਨੇ ਦੋਸ਼ ਲਾਇਆ ਹੈ ਕਿ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕਵਿਤਾ ਉਸ 'ਦੱਖਣੀ ਗਰੁੱਪ' ਦਾ ਹਿੱਸਾ ਸੀ ਜਿਸ ਨੇ 2021-22 ਲਈ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਤਹਿਤ ਲਾਭਾਂ ਦੇ ਬਦਲੇ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਸੀ। ਮਾਮਲੇ ਦੀ ਸੁਣਵਾਈ ਦੌਰਾਨ ਈਡੀ ਨੇ ਕਿਹਾ ਕਿ ਕਵਿਤਾ ਨੂੰ ਚਾਰ ਲੋਕਾਂ ਦੇ ਬਿਆਨਾਂ ਅਤੇ ਉਸ (ਕਵਿਤਾ) ਦੇ ਫ਼ੋਨ ਤੋਂ ਕੱਢੇ ਗਏ ਡੇਟਾ ਦੀ ਫੋਰੈਂਸਿਕ ਰਿਪੋਰਟ ਨਾਲ ਰੂਬਰੂ ਕੀਤਾ ਗਿਆ ਸੀ।
ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਹੈਦਰਾਬਾਦ ਵਿੱਚ ਕਵਿਤਾ ਦੇ ਕਰੀਬੀ ਰਿਸ਼ਤੇਦਾਰ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਬੀਆਰਐਸ ਆਗੂ ਦੇ ਵਕੀਲ ਨੇ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ। ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੀ ਵਿਧਾਨ ਪ੍ਰੀਸ਼ਦ ਦੀ ਮੈਂਬਰ ਕਵਿਤਾ (46) ਨੂੰ ਈਡੀ ਨੇ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।