ਪੱਤਰ ਪ੍ਰੇਰਕ : ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਉਸ ਐਵੇਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾ ਦਿੱਤੀ ਹੈ। ਈਡੀ ਨੇ ਦਸਤਾਵੇਜ਼ਾਂ ਦੀ ਜਾਂਚ ਨਾਲ ਜੁੜੀ ਸਟੇਟਸ ਰਿਪੋਰਟ ਅਦਾਲਤ ਵਿੱਚ ਸੌਂਪ ਦਿੱਤੀ ਹੈ। 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਸੁਣਵਾਈ 'ਚ ਸ਼ਾਮਲ ਹੋਏ।
ਰਾਉਸ ਐਵੇਨਿਊ ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 26 ਅਪ੍ਰੈਲ ਨੂੰ ਸਵੇਰੇ 11 ਵਜੇ ਕਰੇਗੀ। ਅਦਾਲਤ ਨੇ ਕਿਹਾ ਕਿ ਦਸਤਾਵੇਜ਼ਾਂ ਦੀ ਜਾਂਚ ਅਜੇ ਪੂਰੀ ਨਹੀਂ ਹੋਈ, ਇਸ 'ਚ ਹੋਰ ਕਿੰਨਾ ਸਮਾਂ ਲੱਗੇਗਾ? ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਦਸਤਾਵੇਜ਼ਾਂ ਦੀ ਤਸਦੀਕ ਕਰਨ ਵਿੱਚ ਇੱਕ ਮਹੀਨਾ ਹੋਰ ਲੱਗੇਗਾ। ਮੁਲਜ਼ਮਾਂ ਦੇ ਵਕੀਲ ਨੇ ਕਿਹਾ ਕਿ ਅਸੀਂ ਆਪਣੇ ਵੱਲੋਂ ਪੂਰਾ ਸਹਿਯੋਗ ਦੇ ਰਹੇ ਹਾਂ, ਜਾਂਚ ਏਜੰਸੀ ਨੂੰ ਵੀ ਦਸਤਾਵੇਜ਼ਾਂ ਦੀ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਮੋਹਿਤ ਮਾਥੁਰ ਨੇ ਦਲੀਲ ਦਿੱਤੀ ਸੀ ਕਿ ਮਾਮਲੇ ਦੀ ਜਾਂਚ ਪੂਰੀ ਕਰਨ 'ਚ ਦੇਰੀ ਹੋ ਰਹੀ ਹੈ। ਇਕ ਹੋਰ ਦੋਸ਼ੀ ਬੇਨੋਏ ਬਾਬੂ ਨੂੰ ਮਿਲੀ ਜ਼ਮਾਨਤ ਦਾ ਹਵਾਲਾ ਦਿੰਦੇ ਹੋਏ ਮਾਥੁਰ ਨੇ ਕਿਹਾ ਸੀ ਕਿ ਸਿਸੋਦੀਆ ਹੁਣ ਪ੍ਰਭਾਵਸ਼ਾਲੀ ਅਹੁਦੇ 'ਤੇ ਨਹੀਂ ਹਨ।