ਪੱਤਰ ਪ੍ਰੇਰਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਗੜ੍ਹ ਪਟਿਆਲਾ ਵਿੱਚ ਕਾਂਗਰਸ ਲਈ ਲੋਕ ਸਭਾ ਚੋਣਾਂ ਦਾ ਰਾਹ ਆਸਾਨ ਨਹੀਂ ਹੈ। ਪਾਰਟੀ ਹਾਈਕਮਾਂਡ ਨੂੰ ਉਮੀਦ ਸੀ ਕਿ ‘ਆਪ’ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਦੇ ਆਉਣ ਨਾਲ ਪਾਰਟੀ ਦਾ ਆਧਾਰ ਮਜ਼ਬੂਤ ਹੋਵੇਗਾ, ਪਰ ਕਾਂਗਰਸ ਅੰਦਰ ਹੀ ਉਨ੍ਹਾਂ ਦੀ ਬਗਾਵਤ ਸ਼ੁਰੂ ਹੋ ਗਈ। ਅੱਜ ਪਟਿਆਲਾ ਵਿਖੇ ਇੱਕ ਮੀਟਿੰਗ ਦੌਰਾਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਲੋਕ ਸਭਾ ਚੋਣਾਂ ਲਈ ਡਾ. ਧਰਮਵੀਰ ਗਾਂਧੀ ਦਾ ਐਲਾਨ ਕਰ ਦਿੱਤਾ।
ਜਿਸ ਤੋਂ ਬਾਅਦ ਸਥਾਨਕ ਕਾਂਗਰਸੀ ਆਗੂਆਂ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਡਾ. ਧਰਮਵੀਰ ਗਾਂਧੀ ਖਿਲਾਫ ਨਾਅਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ। ਆਗੂਆਂ ਦਾ ਸਪੱਸ਼ਟ ਕਹਿਣਾ ਹੈ ਕਿ 2019 ਵਿੱਚ ਡਾ: ਗਾਂਧੀ ਕਾਰਨ ਕਾਂਗਰਸੀ ਆਗੂਆਂ 'ਤੇ ਕੇਸ ਦਰਜ ਹੋਏ ਸਨ, ਇਸ ਗੱਲ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਬਾਹਰੀ ਆਗੂ ਨੂੰ ਟਿਕਟ ਦਿੱਤੀ ਜਾਂਦੀ ਹੈ ਤਾਂ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿੱਚ ਹਾਰ ਮੂੰਹ ਦੇਖਣਾ ਪਵੇਗਾ।
ਇਸ ਮੌਕੇ ਕਾਂਗਰਸੀ ਅੜੀਅਲ ਆਗੂਆਂ ਨੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਦਿਆਂ ਡਾ: ਧਰਮਵੀਰ ਗਾਂਧੀ ਖਿਲਾਫ਼ ਜਬਰਦਸ਼ਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਥਾਨਕ ਕਾਂਗਰਸੀ ਆਗੂਆਂ ਨੇ ਸਾਬਕਾ ਐਮ. ਐਲ. ਏ. ਹਰਦਿਆਲ ਕੰਬੋਜ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਡਾ. ਧਰਮਵੀਰ ਗਾਂਧੀ ਨੇ ਇੱਕ ਇੰਟਰਵਿਊ ਵਿੱਚ ਸਪੱਸ਼ਟ ਕਿਹਾ ਸੀ ਕਿ ਉਹ ਲੋਕਾਂ ਦੀ ਖੁਸ਼ੀ ਗਮੀ ਵਿੱਚ ਕਦੇ ਸ਼ਰੀਕ ਨਹੀਂ ਹੋਣਗੇ, ਜਿਸ ਕਾਰਨ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।