‘ਆਪ’ ਸਰਕਾਰ ਪੰਜਾਬ ਦੇ ਲੋਕਾਂ ਵਿੱਚੋਂ ਆਪਣਾ ਵਿਸ਼ਵਾਸ ਗੁਆ ਚੁੱਕੀ : ਚੰਨੀ

by nripost

ਮੋਰਿੰਡਾ, (ਹਰਮੀਤ )-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲੰਧਰ ਲੋਕ ਸਭਾ ਸੀਟ ਵੱਡੇ ਫ਼ਰਕ ਨਾਲ ਜਿੱਤਣ ਮਗਰੋਂ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਪੁੱਜਣ ’ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਕੰਵਲਜੀਤ ਕੌਰ ਵੀ ਸਨ।

ਉਨ੍ਹਾਂ ਚਮਕੌਰ ਸਾਹਿਬ ਵਿੱਚ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਮੋਰਿੰਡਾ ਵਿੱਚ ਉਨ੍ਹਾਂ ਸਨਾਤਨ ਧਰਮ ਮੰਦਰ ਅਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਵਿੱਚੋਂ ਆਪਣਾ ਵਿਸ਼ਵਾਸ ਗੁਆ ਚੁੱਕੀ ਹੈ ਅਤੇ ਲੋਕਾਂ ਨੇ ਮੁੱਖ ਮੰਤਰੀ ਵੱਲੋਂ ਅਸਲ ਮੁੱਖ ਮੁੱਦਿਆਂ ਤੋਂ ਮੂੰਹ ਮੋੜ ਕੇ ਚੁਟਕਲੇ ਤੇ ਕਿੱਕਲੀਆਂ ਸੁਣਾਉਣ ਦੇ ਡਰਾਮੇ ਨੂੰ ਪਸੰਦ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ 13 ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਦੇ ਲੋਕਾਂ ਦਾ ਹਮੇਸ਼ਾ ਰਿਣੀ ਰਹੇਗਾ ਅਤੇ ਪਹਿਲਾਂ ਵਾਂਗ ਸਿੰਘਾਂ ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਦੀ ਸੇਵਾ ਨਿਰੰਤਰ ਜਾਰੀ ਰੱਖੇਗਾ। ਚੰਨੀ ਨੇ ਆਖਿਆ ਕਾਂਗਰਸ ਪਾਰਟੀ ਲੋਕਾਂ ਵੱਲੋਂ ਦਿੱਤੇ ਫਤਵੇ ਲਈ ਉਨ੍ਹਾਂ ਦੀ ਰਿਣੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੇ ਕਈ ਆਗੂ ਤੇ ਕਾਰਕੁਨ ਹਾਜ਼ਰ ਸਨ।