ਅੰਮ੍ਰਿਤਸਰ (ਰਾਘਵ) : ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਭੇਜਿਆ ਗਿਆ ਹੈ। 30 ਜੂਨ ਤੱਕ ਥਾਣਾ ਈ ਡਿਵੀਜ਼ਨ ਵਿੱਚ ਪੇਸ਼ ਹੋਣ ਸਬੰਧੀ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ ਉੱਤੇ ਅਰਚਨਾ ਮਕਵਾਨਾਂ ਦੇ ਖ਼ਿਲਾਫ਼ 295ਏ ਦੇ ਤਹਿਤ ਮਾਮਲਾ ਕੀਤਾ ਗਿਆ ਸੀ । ਦੱਸ ਦਈਏ ਕਿ ਐੱਸ.ਜੀ.ਪੀ.ਸੀ. ਦੀ ਸ਼ਿਕਾਇਤ ਦੇ ਆਧਾਰ 'ਤੇ ਅਰਚਨਾ ਖ਼ਿਲਾਫ਼ ਅੰਮ੍ਰਿਤਸਰ ਵਿਚ ਕੇਸ ਦਰਜ ਕੀਤਾ ਗਿਆ ਹੈ।
ਅੰਮ੍ਰਿਤਸਰ ਦੇ ਏ. ਡੀ. ਸੀ. ਪੀ ਡਾ.ਦਰਪਨ ਆਹਲੂਵਾਲੀਆ ਨੇ ਕਿਹਾ ਕਿ ਨਿਯਮਾਂ ਅਨੁਸਾਰ ਅਰਚਨਾ ਮਕਵਾਨਾ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੀ ਪਹਿਲਾਂ ਪੂਰੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਵਿਚ ਅਰਚਨਾ ਦੇ ਬਿਆਨ ਦਰਜ ਕਰਵਾਏ ਜਾਣਗੇ। ਇਸ ਤੋਂ ਬਾਅਦ ਹੀ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪੁਲਸ ਵੱਲੋਂ ਅਰਚਨਾ ਨੂੰ ਬਿਆਨ ਦੇਣ ਲਈ ਨੋਟਿਸ ਭੇਜਿਆ ਗਿਆ ਹੈ। ਦੱਸ ਦਈਏ ਸੋਸ਼ਲ ਮੀਡੀਆ ਇੰਨਫਲੂਏਂਸਰ ਅਰਚਨਾ ਮਕਵਾਨਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕੀਤਾ ਗਿਆ ਸੀ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚਿਆ ਅਤੇ ਐੱਸ. ਜੀ. ਪੀ. ਸੀ. ਵਲੋਂ ਇਸ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ।