ਜਲੰਧਰ (ਰਾਘਵ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਦਿਨ ਪਰ ਦਿਨ ਵੱਧਦੀਆਂ ਜਾ ਰਹੀਆਂ ਹਨ। ਜਿਥੇ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਉਨ੍ਹਾਂ ਨੂੰ ਈਡੀ ਵਲੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਉਥੇ ਹੀ ਹੁਣ ਸੀਬੀਆਈ ਵਲੋਂ ਵੀ ਸ਼ਿਕੰਜਾ ਕੱਸਿਆ ਗਿਆ ਹੈ ਤੇ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਅਦਾਲਤ 'ਚ ਪੇਸ਼ ਕਰਕੇ ਸੀਬੀਆਈ ਨੇ ਤਿੰਨ ਦਿਨਾਂ ਰਿਮਾਂਡ ਹਾਸਲ ਕੀਤਾ ਹੈ।
ਦੱਸ ਦਈਏ ਕਿ ਉਥੇ ਹੀ ਇਸ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਆਪਣੇ ਐਕਸ ਅਕਾਊਂਟ 'ਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਸ਼ੇਅਰ ਕਰਦਿਆਂ ਲਿਖਿਆ ਕਿ, ਇਹ ਤਸਵੀਰ ਤਾਨਾਸ਼ਾਹੀ ਵਿਰੁੱਧ ਸੰਘਰਸ਼ ਦੀ ਹੈ, ਅਰਵਿੰਦ ਕੇਜਰੀਵਾਲ ਝੁਕੇਗਾ ਨਹੀਂ ਭਾਵੇਂ ਜਿੰਨਾ ਮਰਜ਼ੀ ਜ਼ੁਲਮ ਕਰ ਲਓ। ਈਡੀ ਅਦਾਲਤ ਤੋਂ ਜ਼ਮਾਨਤ ਤੋਂ ਬਾਅਦ ਸੀਬੀਆਈ ਦੀ ਗ੍ਰਿਫ਼ਤਾਰੀ ਭਾਜਪਾ ਦੇ ਇਸ਼ਾਰੇ 'ਤੇ ਸੀਬੀਆਈ ਦੀ ਸ਼ਰੇਆਮ ਦੁਰਵਰਤੋਂ ਹੈ।
ਜਿਸ ਤਰ੍ਹਾਂ ਤੁਸੀਂ ਸ਼ਿਸ਼ਟਾਚਾਰ ਅਤੇ ਰਾਜਨੀਤੀ ਭੁੱਲ ਚੁੱਕੇ ਹੋ, ਤੁਹਾਡਾ ਨਾਮ ਵੀ ਜ਼ਾਲਮਾਂ ਵਿੱਚ ਲਿਖਿਆ ਜਾਵੇਗਾ। ਓਥੇ ਹੀ ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਸੀਬੀਆਈ ਵਲੋਂ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਲਿਆ ਕੇ ਰਾਊਜ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਥੇ ਸੀਬੀਆਈ ਨੂੰ ਕੇਜਰੀਵਾਲ ਦਾ ਤਿੰਨ ਦਿਨਾਂ ਦਾ ਰਿਮਾਂਡ ਮਿਲਿਆ ਹੈ। ਹਾਲਾਂਕਿ ਜਾਂਚ ਏਜੰਸੀ ਵਲੋਂ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ।