ਬਟਾਲਾ (ਰਾਘਵ): ਸ੍ਰੀਹਰਗੋਬਿੰਦਪੁਰ ਦੇ ਹਲਕਾ ਚੌਂਕ ਵਿਖੇ ਸਰਕਾਰੀ ਪਾਣੀ ਵਾਲੀ ਖਾਲ (ਰਾਜਬਾਹਾ) ਨੂੰ ਲੈ ਕੇ ਦੇਰ ਸ਼ਾਮ ਨੂੰ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਕਰੀਬ 60 ਰਾਉਂਡ ਫਾਇਰ ਕੀਤੇ। ਗੋਲੀਬਾਰੀ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਲੋਕ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਪਹਿਲੀ ਧਿਰ ਦੇ ਸ਼ਮਸ਼ੇਰ ਸਿੰਘ ਅਤੇ ਬਲਜੀਤ ਸਿੰਘ ਵਾਸੀ ਪਿੰਡ ਵਿਠਵਾਂ ਵਜੋਂ ਹੋਈ ਹੈ, ਜਦਕਿ ਦੂਜੀ ਧਿਰ ਦੇ ਨਿਰਮਲ ਸਿੰਘ ਵਾਸੀ ਪਿੰਡ ਮੂੜ ਅਤੇ ਬਲਰਾਜ ਸਿੰਘ ਵਾਸੀ ਪਿੰਡ ਵਿਠਵਾਂ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਝਗੜੇ ਵਿਚ ਕੁਝ ਵਿਅਕਤੀ ਗੰਭੀਰ ਜ਼ਖਮੀ ਹਨ, ਜਿਹਨਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਫਿਲਹਾਲ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਧਿਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਦੋਵਾਂ ਧਿਰਾਂ ਦੇ ਕੁਝ ਲੋਕਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ ਤੇ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।