ਦਿੱਲੀ (ਸਾਹਿਬ) - ਭਾਜਪਾ ਨੇਤਾ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਰਾਊਜ਼ ਐਵੇਨਿਊ ਕੋਰਟ 26 ਜੁਲਾਈ ਤੋਂ ਸੁਣਵਾਈ ਸ਼ੁਰੂ ਕਰੇਗੀ। ਵਧੀਕ ਮੈਟਰੋਪੋਲੀਟਨ ਮੈਜਿਸਟਰੇਟ ਪ੍ਰਿਅੰਕਾ ਰਾਜਪੂਤ ਨੇ ਇਸ ਮਾਮਲੇ ਵਿੱਚ ਦੋ ਸਰਕਾਰੀ ਗਵਾਹਾਂ ਦੇ ਬਿਆਨ ਦਰਜ ਕਰਨ ਲਈ 26 ਜੁਲਾਈ ਨੂੰ ਸੰਮਨ ਜਾਰੀ ਕੀਤੇ ਹਨ। ਦੱਸ ਦਈਏ ਕਿ ਵੀਰਵਾਰ ਨੂੰ ਸੁਣਵਾਈ ਦੌਰਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਅਦਾਲਤ 'ਚ ਪੇਸ਼ ਹੋਏ। ਇਸ ਤੋਂ ਪਹਿਲਾਂ 21 ਮਈ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੇ ਅਦਾਲਤ ਨੂੰ ਕਿਹਾ ਸੀ ਕਿ ਉਹ ਮੁਕੱਦਮੇ ਦਾ ਸਾਹਮਣਾ ਕਰਨਗੇ। ਦੋਵਾਂ ਨੇ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੇ ਕੋਈ ਗਲਤੀ ਨਹੀਂ ਕੀਤੀ ਹੈ ਤਾਂ ਇਸ ਨੂੰ ਮੰਨਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸੁਣਵਾਈ ਦੌਰਾਨ ਵਿਨੋਦ ਤੋਮਰ ਨੇ ਅਦਾਲਤ 'ਚ ਕਿਹਾ ਕਿ ਸਾਡੇ ਕੋਲ ਸਬੂਤ ਹਨ। ਜੇਕਰ ਦਿੱਲੀ ਪੁਲਿਸ ਨੇ ਸਹੀ ਤਰੀਕੇ ਨਾਲ ਜਾਂਚ ਕੀਤੀ ਹੁੰਦੀ ਤਾਂ ਸੱਚ ਸਾਹਮਣੇ ਆ ਜਾਣਾ ਸੀ। ਅਸੀਂ ਕਦੇ ਕਿਸੇ ਨੂੰ ਆਪਣੇ ਘਰ ਨਹੀਂ ਬੁਲਾਇਆ, ਜੋ ਸੱਚ ਹੈ ਉਹ ਸਾਹਮਣੇ ਆ ਜਾਵੇਗਾ। ਦੱਸ ਦਈਏ ਕਿ 10 ਮਈ ਨੂੰ ਅਦਾਲਤ ਨੇ ਛੇ ਵਿੱਚੋਂ ਪੰਜ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਦੋਸ਼ਾਂ ਨੂੰ ਲੈ ਕੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ, ਜਦੋਂ ਕਿ ਇੱਕ ਮਹਿਲਾ ਪਹਿਲਵਾਨ ਵੱਲੋਂ ਲਾਏ ਦੋਸ਼ਾਂ ਦੇ ਮਾਮਲੇ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਰੀ ਕਰ ਦਿੱਤਾ ਸੀ।
ਦਰਅਸਲ, ਅਦਾਲਤ ਨੇ ਪੰਜ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 354, 354ਏ ਅਤੇ 506 ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਇਸ ਮਾਮਲੇ ਦੇ ਸਹਿ-ਦੋਸ਼ੀ ਅਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਸਕੱਤਰ ਵਿਨੋਦ ਤੋਮਰ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 506 ਤਹਿਤ ਇਹ ਹੁਕਮ ਦਿੱਤਾ ਸੀ।