ਜਲੰਧਰ ਡੈਸਕ (ਸਾਹਿਬ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਫਿਲੌਰ ਵਿਖੇ ਪੀ. ਪੀ. ਏ. ਵਿਚ 443 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ 'ਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ 'ਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।
ਦੱਸ ਦਈਏ ਕਿ ਫਿਲੌਰ ਵਿਖੇ ਪੁਲਸ, ਕਾਨੂੰਨ ਅਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ 'ਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਅਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ ਸਰਕਾਰੀ ਨੌਕਰੀਆਂ ਮੁਹੱਈਆ ਕਰਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਖ਼ਤਿਆਰ ਦੇਣਾ ਰਿਹਾ ਹੈ।