ਜਲੰਧਰ (ਸਾਹਿਬ) - ਮੌਸਮ ਵਿਭਾਗ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਅੱਜ ਮੀਂਹ ਦਾ ਅਲਰਟ ਦਿੱਤਾ ਹੈ। ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹੇ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਬਾਕੀ ਸੂਬੇ ਵਿਚ ਵੀ ਹਲਕੇ ਮੀਂਹ ਦੀ ਸੰਭਾਵਨਾ ਹੈ। ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।
ਦੱਸ ਦਈਏ ਕਿ ਪੰਜਾਬ ਦੇ 5 ਜ਼ਿਲ੍ਹਿਆਂ ਵਿਚ ਅੱਜ ਜਿੱਥੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਉਥੇ ਚੰਗੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਬੀਤੇ ਦਿਨੀਂ ਵੱਧ ਤੋਂ ਵੱਧ ਤਾਪਮਾਨ ਵਿਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ, ਫਰੀਦਕੋਟ ਅਤੇ ਸਮਰਾਲਾ ਵਿਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜ ਜ਼ਿਲ੍ਹਿਆਂ ਵਿਚ ਮੀਂਹ ਕਾਰਣ ਨੇੜਲੇ ਇਲਾਕਿਆਂ ਵਿਚ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ ਪਰ ਅਗਲੇ ਦਿਨਾਂ ਦੌਰਾਨ ਫਿਰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।