ਸੁਖਬੀਰ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ Akali Dal ਦਾ ਕਾਰਜਕਾਰੀ ਪ੍ਰਧਾਨ

by nripost

ਚੰਡੀਗੜ (ਹਰਮੀਤ) : ਸ਼੍ਰੋਮਣੀ ਅਕਾਲੀ ਦਲ ਵਿਚ ਦਿਨੋਂ- ਦਿਨ ਵੱਧ ਰਹੇ ਅੰਦਰੂਨੀ ਕਲੇਸ਼ ਕਾਰਨ ਅੱਜ ਅਕਾਲੀ ਦਲ ਨੇ ਵੱਡਾ ਫੈਸਲਾ ਲੈ ਲਿਆ ਹੈ। ਅਕਾਲੀ ਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ ਹੈ। ਪਾਰਟੀ ਨੇ ਇਸ ਸਬੰਧੀ ਜਾਣਕਾਰੀ ਡਾ. ਦਲਜੀਤ ਚੀਮਾ ਦੇ ਐਕਸ ਅਕਾਉਂਟ ਉਤੇ ਸਾਂਝੀ ਕੀਤੀ ਹੈ। ਭਾਵੇਂਕਿ ਅਕਾਲੀ ਦਲ ਦਾ ਇਹ ਫੈਸਲਾ ਹੈਰਾਨ ਕਰਨ ਵਾਲਾ ਹੈ ਪਰ ਬਾਗੀ ਧੜੇ ਵੱਲੋਂ ਲਗਾਤਾਰ ਸੁਖਬੀਰ ਬਾਦਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ।

ਦੱਸ ਦੇਈਏ ਕਿ ਭਲਕੇ ਸ੍ਰੀ ਅਕਾਲ ਤਖਤ ਸਾਹਿਬ ਉਤੇ ਸਿੰਘ ਸਹਿਬਾਨ ਦੀ ਇਕੱਤਰਤਾ ਹੈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਅਕਾਲੀ ਦਲ ਦੇ ਵੱਡੀ ਗਿਣਤੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਮੰਗ ਰੱਖੀ ਸੀ। ਇਸ ਤੋਂ ਬਾਅਦ ਬਾਗੀ ਧੜੇ ਨੇ ਅਕਾਲ ਤਖਤ ਸਾਹਿਬ ਉਤੇ ਮੰਗ ਪੱਤਰ ਦੇ ਕੇ ਸੁਖਬੀਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ।