ਪੰਜਾਬ ਸਰਕਾਰ : ਬਿਜਲੀ ਚੋਰੀ ਕਰਨ ਵਾਲਿਆਂ ਵਿਰੋਧ ਸਖ਼ਤ ਹਦਾਇਤਾਂ

by nripost

ਚੰਡੀਗੜ੍ਹ (ਹਰਮੀਤ) : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨੂੰ ਬਿਜਲੀ ਚੋਰੀ ਰੋਕਣ ਲਈ ਸੂਬੇ ਭਰ ਵਿਚ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ।

ਇੱਥੇ ਜਾਰੀ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਨਿਯਮਤ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ। ਇਸ ਤੋਂ ਇਲਾਵਾ ਬਿਜਲੀ ਚੋਰੀ ‘ਤੇ ਰੋਕ ਲਗਾ ਕੇ ਰਾਜ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।

ਬਿਜਲੀ ਮੰਤਰੀ ਨੇ ਸਬੰਧਤ ਪੀ.ਐਸ.ਪੀ.ਸੀ.ਐਲ. ਅਧਿਕਾਰੀਆਂ ਨੂੰ ਜਾਂਚ ਸਬੰਧੀ ਰੋਜ਼ਾਨਾ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਘਰੇਲੂ, ਵਪਾਰਕ, ​​ਖੇਤੀਬਾੜੀ ਅਤੇ ਉਦਯੋਗਿਕ ਸਾਰੇ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰੋਜ਼ਾਨਾ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕਰਨ ਅਤੇ ਰਿਪੋਰਟ ਦੇਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।

ਬਿਜਲੀ ਮੰਤਰੀ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਕਾਰਵਾਈਆਂ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਰਿਪੋਰਟਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ‘ਤੇ ਜੁਰਮਾਨਾ ਲਾਉਣ ਅਤੇ ਐਫਆਈਆਰ ਦਰਜ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਸਪੱਸ਼ਟ ਕਿਹਾ ਕਿ ਬਿਜਲੀ ਚੋਰੀ ਭ੍ਰਿਸ਼ਟਾਚਾਰ ਤੋਂ ਘੱਟ ਨਹੀਂ ਹੈ, ਇਸ ਲਈ ਇਸ ਤਰ੍ਹਾਂ ਦੇ ‘ਭ੍ਰਿਸ਼ਟਾਚਾਰ’ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।