ਜੈਸਲਮੇਰ (ਨੇਹਾ): ਰਾਜਸਥਾਨ ਦੇ ਜੈਸਲਮੇਰ 'ਚ ਲਾਪਤਾ ਹੋਏ 2 ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਦੇ ਕੋਲ ਇਕ ਖਾਲੀ ਘਰ ਦੀ ਪਾਣੀ ਵਾਲੀ ਟੈਂਕੀ 'ਚੋਂ ਮਿਲੀਆਂ ਹਨ। ਨਿਊਜ਼ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਨਾਲ ਐਤਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਜਾਣਕਾਰੀ ਮੁਤਾਬਕ ਬਾਬਰ ਮਗਰਾ ਇਲਾਕੇ ਦੇ ਰਹਿਣ ਵਾਲੇ ਆਦਿਲ (6) ਅਤੇ ਹਸਨੈਨ (7) ਦੇ ਮਾਪਿਆਂ ਨੇ ਸ਼ਨੀਵਾਰ ਨੂੰ ਬੱਚਿਆਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਕੋਤਵਾਲੀ ਦੇ ਐੱਸਐੱਚਓ ਸਵਾਈ ਸਿੰਘ ਨੇ ਏਜੰਸੀ ਨੂੰ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੀਆਂ ਲਾਸ਼ਾਂ ਸ਼ਨੀਵਾਰ ਰਾਤ ਨੂੰ ਇੱਕ ਖਾਲੀ ਘਰ ਦੀ ਪਾਣੀ ਵਾਲੀ ਟੈਂਕੀ ਵਿੱਚੋਂ ਮਿਲੀਆਂ।
ਐਸਐਚਓ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਬੱਚਿਆਂ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹੋਣ ਕਾਰਨ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ। ਉਹ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮੁਰਦਾਘਰ ਦੇ ਬਾਹਰ ਧਰਨੇ ’ਤੇ ਵੀ ਬੈਠ ਗਏ। ਐਸਐਚਓ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।