Punjab: ਚੋਣਾਂ ਵਿੱਚ ਧਾਂਦਲੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ
ਡੇਰਾਬੱਸੀ (ਜਸਪ੍ਰੀਤ): ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਸੋਮਵਾਰ ਨੂੰ ਐਸਡੀਐਮ ਦਫ਼ਤਰ ਪੁੱਜੇ। ਜਿੱਥੇ ਉਨ੍ਹਾਂ ਹਾਈਕੋਰਟ ਦੇ ਹੁਕਮਾਂ ਦੀ ਕਾਪੀ ਤਹਿਸੀਲਦਾਰ ਡੇਰਾਬੱਸੀ ਰਾਹੀਂ ਐਸ.ਡੀ.ਐਮ ਡੇਰਾਬੱਸੀ ਨੂੰ ਦਿੱਤੀ | ਇਸ ਮੌਕੇ ਐਨ.ਕੇ.ਸ਼ਰਮਾ ਨੇ ਦੱਸਿਆ ਕਿ ਉਹ ਅੱਜ ਡੇਰਾਬੱਸੀ ਪ੍ਰਸ਼ਾਸਨ ਨੂੰ ਚੋਣ ਪਟੀਸ਼ਨਾਂ ਸਬੰਧੀ ਹਾਈ ਕੋਰਟ ਦੇ ਹੁਕਮਾਂ ਤੋਂ ਜਾਣੂ ਕਰਵਾਉਣ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਸਬੰਧਤ ਉਮੀਦਵਾਰਾਂ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਜੂਦਾ ਹਲਕਾ ਵਿਧਾਇਕ ਦੀ ਸਰਪ੍ਰਸਤੀ ਹੇਠ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਉਮੀਦਵਾਰ ਤਣਾਅਪੂਰਨ ਸਥਿਤੀ ਵਿੱਚ ਪੋਲਿੰਗ ਬੂਥ ਦੇ ਬਾਹਰ ਵੀਡੀਓਗ੍ਰਾਫੀ ਕਰਵਾ ਸਕਦਾ ਹੈ।
ਐਨ.ਕੇ.ਸ਼ਰਮਾ ਨੇ ਦੱਸਿਆ ਕਿ ਡੇਰਾਬੱਸੀ ਬਲਾਕ ਦੇ ਪਿੰਡ ਚੰਡਿਆਲਾ, ਬੈਰਮਾਜਰਾ, ਫਤਿਹਪੁਰ ਜੱਟਾਂ ਸਮੇਤ ਦਰਜਨਾਂ ਪਿੰਡਾਂ ਦੇ ਸਰਪੰਚ ਅਤੇ ਪੰਚ ਉਮੀਦਵਾਰਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਧਮਕੀਆਂ ਵਿਰੁੱਧ ਮਾਣਯੋਗ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਸੀ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਕਤ ਪਿੰਡਾਂ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਚੋਣਾਂ ’ਤੇ ਰੋਕ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ 16 ਅਕਤੂਬਰ ਨੂੰ ਉਹ ਖੁਦ ਅਦਾਲਤ 'ਚ ਪੇਸ਼ ਹੋ ਕੇ ਅਧਿਕਾਰੀਆਂ ਦੀਆਂ ਕਾਰਵਾਈਆਂ 'ਤੇ ਚਾਨਣਾ ਪਾਉਣਗੇ। ਸ਼ਰਮਾ ਨੇ ਦੱਸਿਆ ਕਿ ਸੋਮਵਾਰ ਨੂੰ ਹਾਈ ਕੋਰਟ ਵਿੱਚ ਕਰੀਬ 50 ਹੋਰ ਪਟੀਸ਼ਨਾਂ ਦਾਇਰ ਕੀਤੀਆਂ ਜਾਣਗੀਆਂ। ਜਿਨ੍ਹਾਂ ਨੂੰ ਬਿਨਾਂ ਕੋਈ ਕਾਰਨ ਦੱਸੇ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।