ਚੰਡੀਗੜ੍ਹ (ਜਸਪ੍ਰੀਤ): ਜੇਕਰ ਇਸ ਸਮੇਂ ਪੰਜਾਬ ’ਚ ਝਾਂਤ ਮਾਰੀਏ ਤਾਂ ਹਰ ਪਾਸੇ ਪੰਜਾਬ ਦੀ ਮਾਨ ਸਰਕਾਰ ਖਿਲਾਫ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਝੋਨੇ ਦੀ ਫਸਲ ਨੂੰ ਲੈ ਕੇ ਕਿਸਾਨ ਰੁਲ ਰਹੇ ਹਨ। ਪਰ ਪੰਜਾਬ ਸਰਕਾਰ ਦੇ ਝੋਨੇ ਦੀ ਖਰੀਦ ਨੂੰ ਲੈ ਕੇ ਕੀਤੇ ਗਏ ਦਾਅਵੇ ਵਾਅਦੇ ਖੋਖਲੇ ਨਜ਼ਰ ਆ ਰਹੇ ਹਨ। ਜਿਸ ਦੇ ਚੱਲਦੇ ਹੁਣ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੇ ਕਮਾਨ ਆਪਣੇ ਹੱਥ ’ਚ ਲੈਣ ਦੀ ਤਿਆਰੀ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਰਾਈਸ ਮਿੱਲਰਾਂ ਦੀ ਭਲਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਰਾਈਸ ਮਿੱਲਰਾਂ ਦੀਆਂ ਮੰਗਾਂ ’ਤੇ ਚਰਚਾ ਹੋਵੇਗੀ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੀਟਿੰਗ ਹੋਈ ਹੈ ਪਰ ਇਨ੍ਹਾਂ ਮੀਟਿੰਗਾਂ ’ਚ ਕੋਈ ਹੱਲ ਨਹੀਂ ਨਿਕਲਿਆ ਜਿਸ ਕਾਰਨ ਅਜੇ ਵੀ ਰਾਈਸ ਮਿੱਲਰ ਪਰੇਸ਼ਾਨ ਹਨ। ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਫਸਲ ਦੇ ਅੰਬਾਰ ਲੱਗੇ ਹੋਏ ਹਨ। ਅਜੇ ਵੀ ਝੋਨੇ ਦੀ ਫਸਲ ਦੀ ਲਿਫਟਿੰਗ ਸ਼ੁਰੂ ਨਹੀਂ ਹੋਈ ਹੈ। ਜਿਸ ਕਾਰਨ ਕਿਸਾਨ ਮੰਡੀਆਂ ’ਚ ਪਰੇਸ਼ਾਨ ਹਨ। ਉੱਥੇ ਹੀ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਹਾਈਵੇਆਂ ਨੂੰ ਜਾਮ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।