ਲੁਧਿਆਣਾ (ਰਾਘਵ): ਬੁੱਢੇ ਨਾਲੇ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਡਾਇੰਗ ਇੰਡਸਟਰੀ ਦੇ ਸੀ.ਈ.ਟੀ.ਪੀ. ਦੀ ਨਿਕਾਸੀ ਰੋਕਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪੁਲਿਸ ਵੱਲੋਂ ਸ਼ਹਿਰ ਦੇ ਲਗਭਗ ਸਾਰੇ ਐਂਟਰੀ ਪੁਆਇੰਟ ਸੀਲ ਕਰ ਦਿੱਤੇ ਗਏ ਹਨ, ਪਰ ਕਾਲੇ ਪਾਣੀ ਦਾ ਮੋਰਚਾ ਦੇ ਮੈਂਬਰ ਕਿਸੇ ਤਰ੍ਹਾਂ ਫਿਰੋਜ਼ਪੁਰ ਰੋਡ ’ਤੇ ਪੁੱਜਣ ਵਿੱਚ ਕਾਮਯਾਬ ਹੋ ਗਏ ਅਤੇ ਕਿਸਾਨ ਯੂਨੀਅਨ ਆਗੂ ਰਾਜੇਵਾਲ ਦੀ ਅਗਵਾਈ ਵਿੱਚ ਧਰਨਾ ਦਿੱਤਾ। ਇਸ ਦੌਰਾਨ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਖੁਦ ਕਮਾਨ ਸੰਭਾਲ ਲਈ ਹੈ। ਉਨ੍ਹਾਂ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਨੇੜੇ ਨਾਕਾਬੰਦੀ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਪੁਲਿਸ ਅਧਿਕਾਰੀਆਂ ਨੂੰ ਅਮਨ-ਕਾਨੂੰਨ ਸਬੰਧੀ ਹਦਾਇਤਾਂ ਦਿੱਤੀਆਂ।
ਦੂਜੇ ਪਾਸੇ ਕਾਲੇ ਪਾਣੀ ਕਾ ਮੋਰਚਾ ਵੱਲੋਂ ਆਪਣੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਜਾਂ ਉਨ੍ਹਾਂ ਨੂੰ ਨਜ਼ਰਬੰਦ ਕਰਨ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਅਗਲੇਰੀ ਸਥਿਤੀ ਨਾਲ ਨਜਿੱਠਣ ਲਈ ਜੋ ਵੀ ਲੋੜੀਂਦੇ ਕਦਮ ਚੁੱਕੇ ਜਾਣਗੇ।