ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਨਵੇਂ ਸਾਲ ਤੋਂ ਪਹਿਲਾਂ ਜਾਰੀ ਕੀਤੇ ਗਏ ਹੁਕਮ

by nripost

ਚੰਡੀਗੜ੍ਹ (ਰਾਘਵ): ਪੰਜਾਬ ਸਰਕਾਰ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਦਰਅਸਲ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੀਆਂ 4 ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਮੇਤ ਹੋਰ ਕਈ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਸੀ। ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਕਮੇਟੀ ਵਿੱਚ ਤਿੰਨ ਮੁਲਾਜ਼ਮ ਜਥੇਬੰਦੀਆਂ, ਏ.ਆਈ.ਈ. ਰਾਅ ਆਫੀਸਰਜ਼ ਐਸੋਸੀਏਸ਼ਨ, ਆਈ.ਈ.ਆਰ. ਟੀ ਸਪੈਸ਼ਲ ਟੀਚਰਜ਼ ਯੂਨੀਅਨ ਅਤੇ ਸਰਵ ਸਿੱਖਿਆ ਅਭਿਆਨ/ਮਿਡ-ਡੇ-ਮੀਲ ਦਫ਼ਤਰ ਕਰਮਚਾਰੀ ਯੂਨੀਅਨ ਦੁਆਰਾ ਸੇਵਾਵਾਂ ਨੂੰ ਨਿਯਮਤ ਕਰਨ ਲਈ ਉਠਾਈ ਗਈ ਮੰਗ 'ਤੇ ਵਿਚਾਰ ਕਰੇਗੀ। ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਆਪਣੀ ਰਿਪੋਰਟ ਜਲਦੀ ਸੌਂਪੇਗੀ। ਉਨ੍ਹਾਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਵਿੱਤੀ ਮੰਗਾਂ ਦਾ ਅਧਿਐਨ ਕਰਕੇ ਉਨ੍ਹਾਂ ਨਾਲ ਜਲਦੀ ਹੀ ਮੀਟਿੰਗ ਕੀਤੀ ਜਾਵੇ ਤਾਂ ਜੋ ਲੋੜੀਂਦੇ ਕਦਮ ਚੁੱਕੇ ਜਾ ਸਕਣ।