ਪੰਜਾਬ ‘ਚ ਵੱਡੀ ਘਟਨਾ, ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

by nripost

ਤਰਨਤਾਰਨ (ਰਾਘਵ): ਜੇਲ੍ਹ ਵਿੱਚੋਂ ਜ਼ਮਾਨਤ ’ਤੇ ਬਾਹਰ ਆਏ ਨੌਜਵਾਨ ਦੀ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਖਿਲਾਫ ਲੁੱਟ-ਖੋਹ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਪੱਖੋਕੇ ਤੋਂ ਦੇਊ ਬਾਠ ਨੂੰ ਜਾਣ ਵਾਲੀ ਸੜਕ ਦੇ ਕਿਨਾਰੇ ਲਵਪ੍ਰੀਤ ਸਿੰਘ ਉਰਫ਼ ਸ਼ੇਰੂ (30) ਪੁੱਤਰ ਪ੍ਰਤਾਪ ਸਿੰਘ ਵਾਸੀ ਖਡੂਰ ਸਾਹਿਬ ਦੀ ਲਾਸ਼ ਸੜਕ ਨੇੜੇ ਖੱਲ 'ਚ ਪਈ ਮਿਲੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਪੁਲਿਸ ਥਾਣਾ ਸਦਰ ਤਰਨਤਾਰਨ ਦੇ ਮੁਖੀ ਅਵਤਾਰ ਸਿੰਘ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਗੋਲੀ ਮ੍ਰਿਤਕ ਲਵਪ੍ਰੀਤ ਸਿੰਘ ਦੀ ਛਾਤੀ ਵਿੱਚ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਸਨ ਜੋ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਪੁਲਿਸ ਨੇ ਇਸ ਕਤਲ ਦੇ ਕਾਰਨਾਂ ਬਾਰੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਦੇ ਪਿਤਾ ਪ੍ਰਤਾਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੰਗਲਵਾਰ ਸਵੇਰੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਰਟਮ ਕਰਵਾਇਆ ਜਾਵੇਗਾ।