ਜਲੰਧਰ (ਰਾਘਵ): ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਜੀ.ਆਰ.ਪੀ. ਥਾਣਾ ਸਦਰ ਦੀ ਪੁਲੀਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਟੀ ਸਟੇਸ਼ਨ ਤੋਂ ਫੜੇ ਗਏ ਉਕਤ ਵਿਅਕਤੀਆਂ 'ਤੇ ਰੇਲਵੇ ਗੱਡੀਆਂ ਵਿਚ ਲੁੱਟ-ਖੋਹ ਕਰਨ ਦੇ ਦੋਸ਼ ਹਨ। ਜੀ.ਆਰ.ਪੀ. ਥਾਣਾ ਸਦਰ ਦੇ ਐਸ.ਐਚ.ਓ. ਪਲਵਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ 18 ਦਸੰਬਰ ਨੂੰ ਰੇਲਗੱਡੀ ਨੰਬਰ 15211 ਜਨ-ਨਾਇਕ ਐਕਸਪ੍ਰੈਸ 'ਚ ਸਵਾਰ ਪੈਂਟਰੀ ਕਾਰ ਦੇ ਮੁਲਾਜ਼ਮਾਂ ਤੋਂ 90-95 ਹਜ਼ਾਰ ਰੁਪਏ ਲੁੱਟ ਲਏ ਅਤੇ ਇਕ ਮੋਬਾਈਲ ਫੋਨ ਵੀ ਖੋਹ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਮਾਨ ਨੂੰ ਚਲਦੀ ਹੋਈ ਗੱਡੀ ਚੋ ਬਾਹਰ ਸੁੱਟ ਦਿੱਤਾ।
ਇਸ ਸਬੰਧੀ ਕਲਿਆਣ ਤਿਵਾੜੀ ਦੀ ਸ਼ਿਕਾਇਤ ’ਤੇ 22-12 ਨੂੰ ਐਫ.ਆਈ.ਆਰ. ਨੰਬਰ 101 ਅਧੀਨ ਧਾਰਾ 305, 307 ਆਦਿ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਏ.ਐਸ.ਆਈ. ਬੀਰਬਲ ਵੱਲੋਂ ਕੀਤਾ ਜਾ ਰਿਹਾ ਸੀ। ਇਨ੍ਹਾਂ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਚੱਕੂ ਪੁੱਤਰ ਜੱਜ ਸਿੰਘ ਵਾਸੀ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ, ਸੰਨੀ ਕੁਮਾਰ ਉਰਫ਼ ਸੰਨੀ ਪੁੱਤਰ ਸੁਰੇਸ਼ ਕੁਮਾਰ ਵਾਸੀ ਬਿਆਸ ਜ਼ਿਲ੍ਹਾ ਅੰਮ੍ਰਿਤਸਰ, ਗੁਰਲਾਲ ਸਿੰਘ ਉਰਫ਼ ਪਿੰਕੂ ਪੁੱਤਰ ਮੇਜਰ ਸਿੰਘ ਵਾਸੀ ਨਾਗੋਕੇ ਜ਼ਿਲ੍ਹਾ ਤਰਨਤਾਰਨ ਅਤੇ ਚੌਥੇ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮੰਗਲ ਸਿੰਘ ਵਾਸੀ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਭਿੰਡਰ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਹੁਣ ਇਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪਹਿਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਗਿਰੋਹ ਨੇ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ, ਜਿਸ ਕਾਰਨ ਕਈ ਮਾਮਲੇ ਹੱਲ ਹੋਣ ਦੀ ਸੰਭਾਵਨਾ ਹੈ।